ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ‘ਚ ਹਜ਼ਾਰਾਂ ਦੀ ਗਿਣਤੀ ‘ਚ ਪ੍ਰਸ਼ੰਸਕ ਇਕੱਠੇ ਹੋਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤ ਨੂੰ ਸ਼ਰਧਾਂਜਲੀ ਦਿੱਤੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ (27) ਕਾਂਗਰਸੀ ਆਗੂ ਵੀ ਸਨ। ਇਹ ਘਟਨਾ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ ਵਾਪਰੀ ਹੈ।
ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਲਈ ਸੀ ਜ਼ਿੰਮੇਵਾਰੀ
ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ‘ਚ ਪੁਲਿਸ ਨੇ ਸੋਮਵਾਰ ਨੂੰ ਦੇਹਰਾਦੂਨ ਤੋਂ ਪੰਜ ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਸ਼ੁਰੂ ਕੀਤੇ ਗਏ ਯਤਨਾਂ ਦੇ ਨਾਲ-ਨਾਲ ਪੁਲਿਸ ਸੀਸੀਟੀਵੀ ਫੁਟੇਜ ‘ਚ ਦਿਖਾਈ ਦੇਣ ਵਾਲੇ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਐਤਵਾਰ ਨੂੰ ਮਾਨਸਾ ਦੇ ਇਕ ਢਾਬੇ ‘ਤੇ ਖਾਣਾ ਖਾਧਾ ਸੀ। ਇਹ ਸੀਸੀਟੀਵੀ ਫੁਟੇਜ ਉਸੇ ਢਾਬੇ ਦੀ ਹੈ।
ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਕੀ ਕਿਹਾ?
ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਲਈ ਬੇਨਤੀ ਕਰੇਗੀ। ,