ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2009 ਵਿੱਚ ਈਕੋ-ਟੂਰਿਜ਼ਮ ਨੀਤੀ ਲਿਆਂਦੀ, ਜਿਸ ਦਾ ਇਕੋ-ਇਕ ਉਦੇਸ਼ ਇਸ ਰਿਜ਼ੌਰਟ ਦੇ ਨਿਰਮਾਣ ਵਿੱਚ ਮਦਦ ਕਰਨਾ ਸੀ। ਉਨ੍ਹਾਂ ਕਿਹਾ ਕਿ ਇਹ ਕਿੰਨੇ ਅਚੰਭੇ ਵਾਲੀ ਗੱਲ ਹੈ ਕਿ ਇਕ ਪੋਲਟਰੀ ਫਾਰਮ ਨੂੰ ਇਕ ਰਿਜ਼ੌਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਟੈਕਸਾਂ ਦੇ ਰੂਪ ਵਿੱਚ ਇਸ ਰਿਜ਼ੌਰਟ ਦੇ 108 ਕਰੋੜ ਰੁਪਏ ਮੁਆਫ਼ ਕਰ ਕੇ ਸੂਬੇ ਦੇ ਖ਼ਜ਼ਾਨੇ ਨੂੰ ਰਗੜਾ ਲਾਇਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਪੱਲਣਪੁਰ ਵਿੱਚ ਬਣੇ ਇਸ ਰਿਜ਼ੌਰਟ ਦਾ ਅਸਲ ਨਾਮ ਮੈਟਰੋ ਈਕੋ ਗਰੀਨ ਰਿਜ਼ੌਰਟ ਹੈ, ਜਿਸ ਨੂੰ ਬਾਅਦ ਵਿੱਚ ਸੁੱਖ ਵਿਲਾਸ ਦਾ ਨਾਮ ਦਿੱਤਾ ਗਿਆ। ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਇਹ ਸੁੱਖ ਵਿਲਾਸ ਅਸਲ ਵਿੱਚ ਪੰਜਾਬ ਲਈ ਦੁੱਖ ਵਿਲਾਸ ਹੈ।