: ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਕਾਰ ‘ਤੇ ਕੱਲ੍ਹ ਸ਼ਾਮ ਕਿਸਾਨੀ ਧਰਨੇ ਨਜ਼ਦੀਕ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਨੇ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸੁਖਬੀਰ ਬਾਦਲ ਨੇ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਗੈਰ ਸਮਾਜਿਕ ਤੱਤਾਂ ਦਾ ਕੰਮ ਹੈ ਜੋ ਖੇਤੀਬਾੜੀ ਮੰਡੀਕਰਨ ਐਕਟਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਾਬੋਤਾਜ ਕਰਨਾ ਚਾਹੁੰਦੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਲੋਕਤੰਤਰ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਤੇ ਹਿੰਸਕ ਗਤੀਵਿਧੀਆਂ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ। ਅਜਿਹੇ ਹਮਲੇ ਕਰਨ ਵਾਲੇ ਕਦੇ ਵੀ ਕਿਸਾਨੀ ਭਾਈਚਾਰੇ ਦੇ ਸ਼ੁੱਭਚਿੰਤਕ ਨਹੀਂ ਹੋ ਸਕਦੇ। ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਇਨ੍ਹਾਂ ਗੈਰ ਸਮਾਜਿਕ ਤੱਤਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਵੇ ਜਿਨ੍ਹਾਂ ਦੀ ਵਰਤੋਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ ਕਿਸੇ ਵੀ ਤਰੀਕੇ ਉਤਸ਼ਾਹਿਤ ਨਾ ਕਰੇ।
ਉਨ੍ਹਾਂ ਕਿਹਾ ਕਿ ਅਸੀਂ ਬਹੁਤ ਸਪਸ਼ਟ ਹਾਂ ਕਿ ਕਿਸਾਨ ਕਦੇ ਵੀ ਅਜਿਹੀਆਂ ਕਾਰਵਾਈਆਂ ਨਹੀਂ ਕਰ ਸਕਦੇ ਤੇ ਅਸੀਂ ਹਮਲੇ ਦਾ ਦੋਸ਼ ਕਿਸਾਨਾਂ ਸਿਰ ਮੜ੍ਹਨ ਦੇ ਕਿਸੇ ਵੀ ਯਤਨ ਦਾ ਵਿਰੋਧ ਕਰਾਂਗੇ। ਬਾਦਲ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਲੋੜੀਂਦੇ ਕਦਮ ਚੁੱਕੇ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰ ਸਕਣ। ਉਨ੍ਹਾਂ ਨੇ ਹਰ ਹਾਲਾਤ ‘ਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਸੂਬੇ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ