ਇਸਲਾਮਾਬਾਦ: ਭਾਰਤ ਨਾਲ ਚੱਲ ਰਹੇ ਤਣਾਅ ਦਰਮਿਆਨ ਪਾਕਿਸਤਾਨ ਦੇ ਕੇਂਦਰੀ ਮੰਤਰੀ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਅਕਤੂਬਰ ਮਹੀਨੇ ਵਿੱਚ ਭਾਰਤ ਤੇ ਪਾਕਿਸਤਾਨ ਦਰਮਿਆਨ ਜੰਗ ਹੋ ਸਕਦੀ ਹੈ। ਰੇਲਵੇ ਮੰਤਰੀ ਸ਼ੇਖ਼ ਰਾਸ਼ਿਦ ਅਹਿਮਦ ਨੇ ਇਹ ਦਾਅਵਾ ਕੀਤਾ ਹੈ।
ਸ਼ੇਖ ਰਾਸ਼ਿਦ ਅਹਿਮਦ ਨੇ ਸਥਾਨਕ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਿੰਦੋਸਤਾਨ ਤੇ ਪਾਕਿਸਤਾਨ ਵਿੱਚ ਅਕਤੂਬਰ ਦੇ ਅਖੀਰ ਤੇ ਨਵੰਬਰ-ਦਸੰਬਰ ਦੌਰਾਨ ਜੰਗ ਹੁੰਦੀ ਦੇਖ ਰਹੇ ਹਨ। ਮੰਤਰੀ ਨੇ ਕਿਹਾ ਕਿ ਉਹ ਇਸ ਲਈ ਕੌਮ ਨੂੰ ਤਿਆਰ ਕਰਨ ਲਈ ਨਿੱਕਲੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨਾਲ 10 ਮੌਕੇ ਦੇਖੇ ਗਏ ਹਨ ਜਦੋਂ ਜੰਗ ਹੋਈ ਹੈ ਜਾਂ ਹੋਣ ਦੇ ਕਿਨਾਰੇ ਪਹੁੰਚੀ ਹੈ, ਪਰ ਇਹ ਜੰਗ ਆਖਰੀ ਹੋਵੇਗੀ।ਰਾਸ਼ਿਦ ਨੇ ਇਹ ਵੀ ਕਿਹਾ ਕਿ ਜ਼ਰੂਰੀ ਨਹੀਂ ਕਿ ਜੰਗ ਹੋਵੇ, ਪਰ ਇਹ ਮੋਦੀ (ਭਾਰਤ ਦੇ ਪ੍ਰਧਾਨ ਮੰਤਰੀ) ਨੂੰ ਸਮਝਣ ਵਿੱਚ ਬਾਕੀ ਸਿਆਸਤਦਾਨਾਂ ਨੇ ਗਲਤੀ ਕੀਤੀ ਹੈ, ਉਨ੍ਹਾਂ ਨਹੀਂ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਉਹ ਕਸ਼ਮੀਰੀਆਂ ਨਾਲ ਖੜ੍ਹੇ ਹਨ ਤੇ ਮੋਦੀ ਸਰਕਾਰ ਨੇ ਉਨ੍ਹਾਂ ਨਾਲ ਬੇਇਨਸਾਫੀ ਕੀਤੀ ਹੈ। ਰੇਲਵੇ ਮੰਤਰੀ ਨੇ ਕਸ਼ਮੀਰ ਮਸਲੇ ‘ਤੇ ਅਮਰੀਕਾ ਤੇ ਕਿਸੇ ਹੋਰ ਦੇਸ਼ ਦੀ ਮਦਦ ਦੀ ਲੋੜ ਨਹੀਂ ਹੈ।
ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਾਸ਼ਿਦ ਦਾ ਇਹ ਬਿਆਨ ਉਦੋਂ ਆਇਆ ਹੈ ਜਦ ਪਾਕਿਸਤਾਨ ਨੇ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦੇ ਪੁਨਰਗਠਨ ਉਪਰੰਤ ਤਣਾਅ ਸਿਖਰਾਂ ‘ਤੇ ਹੈ। ਇਸ ਤੋਂ ਇਲਾਵਾ ਅਜਿਹੀਆਂ ਰਿਪੋਰਟਾਂ ਆਈਆਂ ਹਨ ਕਿ ਪਾਕਿਸਤਾਨ ਨੇ ਮਕਬੂਜ਼ਾ ਕਸ਼ਮੀਰ ਵਿੱਚ ਵੱਡੀ ਗਿਣਤੀ ‘ਚ ਫ਼ੌਜ ਤਾਇਨਾਤ ਕਰ ਦਿੱਤੀ ਹੈ। ਅਜਿਹੇ ਵਿੱਚ ਪਾਕਿਸਤਾਨ ਦੇ ਕੇਂਦਰੀ ਮੰਤਰੀ ਦੀ ‘ਭਵਿੱਖਬਾਣੀ’ ਅੱਗ ਵਿੱਚ ਘਿਓ ਦਾ ਕੰਮ ਕਰ ਸਕਦਾ ਹੈ।