ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕਾਂਗਰਸ ਦੀਆਂ ਸ਼ਿਕਾਇਤਾਂ ‘ਤੇ 6 ਮਈ ਤੋਂ ਪਹਿਲਾਂ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸ ਨੇ ਦੋਵਾਂ ਲੀਡਰਾਂ ਖਿਲਾਫ਼ ਚੋਣ ਕਮਿਸ਼ਨ ਨੂੰ 9 ਸ਼ਿਕਾਇਤਾਂ ਭੇਜੀਆਂ ਹਨ। ਕਾਂਗਰਸ ਦਾ ਇਲਜ਼ਾਮ ਹੈ ਕਿ ਮੋਦੀ ਤੇ ਸ਼ਾਹ ਨੇ ਆਪਣੇ ਚੋਣ ਭਾਸ਼ਣਾਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।
ਮੋਦੀ ਦੇ ਵਰਧਾ ਤੇ ਲਾਤੂਰ ਵਿੱਚ ਦਿੱਤੇ ਬਿਆਨਾਂ ਸਬੰਧੀ ਤਾਂ ਚੋਣ ਕਮਿਸ਼ਨ ਨੇ ਕਲੀਨ ਚਿੱਟ ਦੇ ਦਿੱਤੀ ਹੈ। ਇਨ੍ਹਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਮੰਨਿਆ ਗਿਆ। ਵਰਧਾ ਭਾਸ਼ਣ ਦੌਰਾਨ ਮੋਦੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਵਾਇਨਾਡ ਸੀਟ ਤੋਂ ਚੋਣ ਲੜਨ ਦੀ ਆਲੋਚਨਾ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਸੰਕੇਤ ਦਿੱਤਾ ਸੀ ਕਿ ਕੇਰਲ ਦੇ ਇਸ ਸੰਸਦੀ ਖੇਤਰ ਵਿੱਚ ਘੱਟ ਗਿਣਤੀ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ।
ਦੂਜੇ ਪਾਸੇ ਲਾਤੂਰ ਵਿੱਚ ਪੀਐਮ ਮੋਦੀ ਨੇ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਪਹਿਲਾ ਵੋਟ ਏਅਰ ਸਟ੍ਰਾਈਕ ਨੂੰ ਅੰਜਾਮ ਦੇਣ ਵਾਲੇ ਵੀਰਾਂ ਤੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਨਾਂ ਸਮਰਪਿਤ ਕਰਨ।
ਦੱਸ ਦੇਈਏ ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਤਨਜ਼ ਕੱਸਿਆ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਕਾਰਵਾਈ ਕੀਤੀ ਸੀ। ਉੱਤਰ ਪ੍ਰਦੇਸ਼ ਵਿੱਚ ਲੀਡਰਾਂ ਵੱਲੋਂ ਧਾਰਮਕ ਤੇ ਵਿਵਾਦਤ ਬਿਆਨ ਦੇਣ ‘ਤੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਚੋਣ ਕਮਿਸ਼ਨ ਕੋਲੋਂ ਜਵਾਬ ਤਲਬ ਕੀਤਾ ਸੀ।