ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟਾ ਲਾਭ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰੀ ’ਤੇ ਅੰਤਰਿਮ ਰੋਕ 17 ਮਾਰਚ ਤੱਕ ਵਧਾ ਦਿੱਤੀ ਹੈ। ਜਸਟਿਸ ਬੀਵੀ ਨਾਗਰਥਨਾ ਅਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਖੇਡਕਰ ਨੂੰ ਜਾਂਚ ਵਿੱਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਐਡੀਸ਼ਨਲ ਸਾਲਿਸਟਰ ਜਨਰਲ ਐਸ ਵੀ ਰਾਜੂ ਨੇ ਇਸ ਮਾਮਲੇ ਵਿੱਚ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ।
ਖੇਡਕਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੇ ਕਿਹਾ ਕਿ ਪੁਲੀਸ ਉਸ ਨੂੰ ਜਾਂਚ ਲਈ ਨਹੀਂ ਬੁਲਾ ਰਹੀ ਸੀ ਅਤੇ ਉਹ ਆਉਣ ਲਈ ਤਿਆਰ ਸੀ। ਸਿਖਰਲੀ ਅਦਾਲਤ ਨੇ ਏਐਸਜੀ ਨੂੰ ਤਿੰਨ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ 15 ਜਨਵਰੀ ਨੂੰ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਖੇਡਕਰ ਦੀ ਪਟੀਸ਼ਨ ’ਤੇ ਦਿੱਲੀ ਸਰਕਾਰ ਅਤੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਨੂੰ ਨੋਟਿਸ ਜਾਰੀ ਕੀਤਾ ਸੀ।