India coronavirus: ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ । ਇਸ ਵਾਇਰਸ ਕਾਰਨ ਹੁਣ ਤੱਕ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ । ਇਸ ਵਾਇਰਸ ਨੂੰ ਭਾਰਤ ਵਿੱਚ ਫੈਲਣ ਤੋਂ ਰੋਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨ ਦੇ ਲਾਕ ਡਾਊਨ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਕੁਝ ਅਧਿਐਨਾਂ ਤੋਂ ਪਤਾ ਲੱਗਿਆ ਕਿ ਤਾਪਮਾਨ ਵਿੱਚ ਵਾਧਾ ਹੋਣ ਕਾਰਨ ਕੋਵਿਡ -19 ਦਾ ਪ੍ਰਭਾਵ ਘੱਟ ਹੋ ਸਕਦਾ ਹੈ ।
ਜਿਸ ਤੋਂ ਬਾਅਦ ਭਾਰਤੀਆਂ ਨੇ ਗਰਮੀ ਦੀ ਸ਼ੁਰੂਆਤ ਲਈ ਅਰਦਾਸਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ । ਪਰ ਹੁਣ ਇਸ ਵਿਚਾਲੇ ਲੋਕਾਂ ਦੀਆਂ ਉਮੀਦਾਂ ‘ਤੇ ਪਾਣੀ ਫਿਰਨ ਦੀ ਖਬਰ ਸਾਹਮਣੇ ਆ ਰਹੀ ਹੈ । ਜਿਸ ਵਿੱਚ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਗਰਮੀਆਂ ਦੀ ਸ਼ੁਰੂਆਤ ਹੋਣ ਦੀ ਸੰਭਾਵਨਾ ਅਜੇ ਬਹੁਤ ਘੱਟ ਹੈ ।
ਇਸ ਮਾਮਲੇ ਵਿੱਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਹਫ਼ਤਿਆਂ ਵਿੱਚ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਨੇ ਦੱਸਿਆ ਕਿ ਅਪ੍ਰੈਲ ਦੇ ਦੂਜੇ ਹਫਤੇ ਤੱਕ ਕੇਂਦਰੀ ਭਾਰਤ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਵੀ ਬਹੁਤ ਘੱਟ ਹੈ ।
ਦੱਸ ਦੇਈਏ ਕਿ ਮੌਸਮ ਵਿਭਾਗ ਦੇ ਆਈ.ਐੱਮ.ਡੀ. ਦੇ ਮੁਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਤਰ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਅਗਲੇ 2-3 ਦਿਨਾਂ ਦੌਰਾਨ ਪੱਛਮੀ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ । ਉੱਥੇ ਹੀ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ ।