Ilford triple stabbing: ਲੰਦਨ ਦੇ ਪੂਰਬੀ ਹਿੱਸੇ ਵਿੱਚ ਸਿੱਖਾਂ ਦੇ ਦੋ ਗੁੱਟਾਂ ਵਿਚਕਾਰ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਝੜਪ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ । ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਨੂੰ ਸੈਵਨ ਕਿੰਗਜ਼ ਰੇਲਵੇ ਸਟੇਸ਼ਨ ਨੇੜੇ ਵਾਪਰੀ, ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਤਿੰਨ ਅਣਪਛਾਤੇ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਪਾਏ ਗਏ ਸਨ ।
ਇਸ ਘਟਨਾ ਤੋਂ ਬਾਅਦ ਜਦੋਂ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਤਾਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਦਰਅਸਲ, ਤਿੰਨੇ ਪੀੜਤ ਸਥਾਨਕ ਸਿੱਖ ਭਾਈਚਾਰੇ ਦੇ ਮੈਂਬਰ ਸੀ ਤੇ ਉਨ੍ਹਾਂ ਦੀ ਉਮਰ 20-30 ਸਾਲ ਸੀ । ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਪਤਾ ਲੱਗਦਾ ਹੈ ਕਿ ਇਨ੍ਹਾਂ ‘ਤੇ ਸਟੇਸ਼ਨ ਨੇੜਲੀਆਂ ਪੌੜੀਆਂ ‘ਤੇ ਹਮਲਾ ਹੋਇਆ ।
ਮੌਕੇ ‘ਤੇ ਪੁੱਜੇ ਟੈਕਸੀ ਫਰਮ ਦੇ ਮਾਲਕ ਨੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ. ਮ੍ਰਿਤਕ ਨੌਜਵਾਨਾਂ ਦੀ ਪਛਾਣ ਲਈ ਪੁਲਿਸ ਵੱਲੋਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ ।
ਦੱਸ ਦੇਈਏ ਕਿ ਪੁਲਿਸ ਵੱਲੋਂ ਮ੍ਰਿਤਕਾਂ ਦੇ ਨਾਮ ਬਲਜੀਤ ਸਿੰਘ, ਨਰਿੰਦਰ ਸਿੰਘ ਤੇ ਹਰਿੰਦਰ ਕੁਮਾਰ ਦੇ ਰੂਪ ਵਿੱਚ ਕੀਤੀ ਗਈ ਹੈ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਕਤਲ ਦੌਰਾਨ ਤੇਜ਼ਧਾਰ ਹਥਿਆਰ ਦੇ ਨਾਲ-ਨਾਲ ਹਥੌੜੇ ਦੀ ਵਰਤੋਂ ਕੀਤੀ ਗਈ ਹੈ । ਫਿਲਹਾਲ ਜਾਂਚ ਏਜੰਸੀ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।