ਲਾਹੌਰ-ਪਾਕਿਸਤਾਨ ਅਦਾਲਤ ਨੇ ਅੱਜ ਸ਼ਾਦਮਾਨ ਚੌਕ ਲਾਹੌਰ ਦਾ ਨਾਮ ਬਦਲ ਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਲਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਦੇ ਅਧਿਕਾਰੀ ਨੇ ਦੱਸਿਆ, ‘ਲਾਹੌਰ ਹਾਈ ਕੋਰਟ ਦੇ ਜਸਟਿਸ ਸ਼ਮਸ ਮਹਿਮੂਦ ਮਿਰਜ਼ਾ ਨੇ ਅੱਜ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੀ ਉਸ ਪਟੀਸ਼ਨ ਦਾ ਨਿਬੇੜਾ ਕੀਤਾ, ਜਿਸ ਵਿੱਚ ਸ਼ਾਦਮਾਨ ਚੌਕ ਲਾਹੌਰ ਦਾ ਨਾਮ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਮੰਗ ਕੀਤੀ ਗਈ ਸੀ ਅਤੇ ਉਸ ਜਗ੍ਹਾ ’ਤੇ ਉਨ੍ਹਾਂ ਦਾ ਬੁੱਤ ਲਾਉਣ ਦੀ ਅਪੀਲ ਕੀਤੀ ਗਈ ਸੀ. ਜਿੱਥੇ ਉਨ੍ਹਾਂ ਨੂੰ ਫਾਂਸੀ ਦਿੱਤੀ ਗਈ ਸੀ।’
ਜੱਜ ਨੇ ਲਾਹੌਰ ਕਾਰਪੋਰੇਸ਼ਨ ਅਤੇ ਫਾਊਂਡੇਸ਼ਨ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਪਟੀਸ਼ਨ ਖਾਰਜ ਕਰ ਦਿੱਤੀ। ਫਾਊਂਡੇਸ਼ਨ ਦੇ ਚੇਅਰਮੈਨ ਐਡਵੋਕੇਟ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਕਿਹਾ ਕਿ ਉਹ ਲਾਹੌਰ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ। ਇਸ ਤੋਂ ਪਹਿਲਾਂ ਕਾਰਪੋਰੇਸ਼ਨ ਨੇ ਲਾਹੌਰ ਹਾਈ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ ਸ਼ਾਦਮਾਨ ਚੌਕ ਦਾ ਨਾਮ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਉਨ੍ਹਾਂ ਦਾ ਬੁੱਤ ਉਸ ਜਗ੍ਹਾ ’ਤੇ ਲਾਉਣ ਦੀ ਪ੍ਰਸਤਾਵਿਤ ਯੋਜਨਾ ਰੱਦ ਕਰ ਦਿੱਤੀ ਹੈ, ਜਿੱਥੇ ਉਨ੍ਹਾਂ ਨੂੰ 94 ਸਾਲ ਪਹਿਲਾਂ ਫਾਂਸੀ ਦਿੱਤੀ ਗਈ ਸੀ।