ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕੰਗਨਾ ਰਣੌਤ ਦੀ ਫ਼ਿਲਮ “ਐਮਰਜੈਂਸੀ” ਦੇ ਸਬੰਧ ਵਿੱਚ ਕੇਂਦਰੀ ਫ਼ਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐਫਸੀ) ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਫ਼ਿਲਮ ਵਿਚ ਇਤਿਹਾਸਕ ਘਟਨਾਵਾਂ ਅਤੇ ਸ਼ਖਸੀਅਤਾਂ, ਖਾਸ ਤੌਰ ‘ਤੇ ਸਿੱਖ ਭਾਈਚਾਰੇ ਨਾਲ ਸਬੰਧਤ ਚਿੱਤਰਣ ‘ਤੇ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਫ਼ਿਲਮ ਦੀ ਰਿਲੀਜ਼ ਨੂੰ ਰੋਕਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਭੇਜੇ ਗਏ ਨੋਟਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ “ਐਮਰਜੈਂਸੀ” ਦਾ ਹਾਲ ਹੀ ਵਿੱਚ ਰਿਲੀਜ਼ ਹੋਇਆ ਟਰੇਲਰ ਇਤਿਹਾਸਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ਹੈ।
ਨੋਟਿਸ ਵਿਚ ਕਿਹਾ ਗਿਆ ਹੈ ਕਿ ਪ੍ਰਦਰਸ਼ਿਤ ਸੀਨ ਸਿੱਖ ਭਾਈਚਾਰੇ ਨੂੰ ਗਲਤ ਢੰਗ ਨਾਲ ਪੇਸ਼ ਕਰਦੇ ਹਨ, ਨਫ਼ਰਤ ਅਤੇ ਸਮਾਜਿਕ ਮਤਭੇਦ ਨੂੰ ਵਧਾਵਾ ਦਿੰਦੇ ਹਨ। ਸਰਨਾ ਨੇ ਦਲੀਲ ਦਿੱਤੀ ਹੈ ਕਿ ਅਜਿਹੇ ਚਿੱਤਰਣ ਗੁੰਮਰਾਹਕੁੰਨ, ਅਪਮਾਨਜਨਕ ਅਤੇ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ।