ਅੰਮ੍ਰਿਤਸਰ– ਸ਼੍ਰੋਮਣੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਸ੍ਰੀ ਅਕਾਲ ਤਖਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਭਰਤੀ 18 ਮਾਰਚ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਨਿਗਰਾਨ ਕਮੇਟੀ ਵੱਲੋਂ ਪਾਰਟੀ ਦੀ ਨਵੀਂ ਮੈਂਬਰਸ਼ਿਪ ਦੀ ਭਰਤੀ ਕਰਨ ਸਬੰਧੀ ਕੀਤੇ ਗਏ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਭਰਤੀ ਦੀ ਮਾਨਤਾ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਨਿਗਰਾਨ ਕਮੇਟੀ ਦੇ ਪੰਜ ਮੈਂਬਰਾਂ ਨੇ ਅੱਜ ਇੱਥੇ ਸ੍ਰੀ ਅਕਾਲ ਤਖਤ ਦੇ ਸਨਮੁੱਖ ਇਸ ਸਬੰਧ ਵਿੱਚ ਅਰਦਾਸ ਕੀਤੀ ਹੈ। ਅਰਦਾਸ ਦੌਰਾਨ ਉਨ੍ਹਾਂ ਨੇ ਭਰਤੀ ਮੁਹਿੰਮ ਦੀ ਸਫਲਤਾ ਵਾਸਤੇ ਗੁਰੂ ਚਰਨਾਂ ਵਿੱਚ ਜੋਦੜੀ ਕੀਤੀ। ਅਰਦਾਸ ਕਰਨ ਵਾਲੇ ਪੰਜ ਮੈਂਬਰਾਂ ਵਿੱਚ ਗੁਰ ਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਇਕਬਾਲ ਸਿੰਘ ਝੂੰਦਾ ਸ਼ਾਮਿਲ ਸਨ।
ਉਨ੍ਹਾਂ ਨੇ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਤੇ ਸਿੱਖ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ 18 ਮਾਰਚ ਨੂੰ ਸ਼ੁਰੂ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਵਿੱਚ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਇਸ ਭਰਤੀ ਮੁਹਿੰਮ ਦਾ ਮੰਤਵ ਇੱਕ ਮਜ਼ਬੂਤ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕਰਨਾ ਹੈ।
ਵਡਾਲਾ ਨੇ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਕੀਤੀ ਅਪੀਲ-ਸ੍ਰੀ ਵਡਾਲਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਅਸਤੀਫੇ ਸਬੰਧੀ ਫੈਸਲੇ ਨੂੰ ਤਿਆਗ ਕੇ ਅੱਗੇ ਆਉਣ ਅਤੇ ਇਸ ਨਿਗਰਾਨ ਕਮੇਟੀ ਦੀ ਜ਼ਿੰਮੇਵਾਰੀ ਸੰਭਾਲਣ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵੀ ਵਾਪਸ ਲੈਣ।
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ’ਤੇ ਲੱਗਾ ਸਵਾਲੀਆ ਨਿਸ਼ਾਨ-ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਚੁੱਕੀ ਭਰਤੀ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਇਸ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ ਸੀ ਅਤੇ ਕਮੇਟੀ ਵੱਲੋਂ ਹੁਣ ਤੱਕ ਭਰਤੀ ਨਹੀਂ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਦੇ ਆਦੇਸ਼ ਮੁਤਾਬਿਕ ਇਸ ਕਮੇਟੀ ਵੱਲੋਂ ਨਵੀਂ ਭਰਤੀ 18 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਵਾਬ ਨਾਲ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਚੁੱਕੀ ਭਰਤੀ ’ਤੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਦਾ ਅਧਿਕਾਰ ਖੇਤਰ ਅਸੀਮਤ: ਸ੍ਰੀ ਅਕਾਲ ਤਖਤ ਦੇ ਅਧਿਕਾਰ ਖੇਤਰ ਨੂੰ ਸੀਮਤ ਕਰਨ ਵਾਲੇ ਬਿਆਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਤੋਂ ਵੀ ਪਹਿਲਾਂ ਹੋਈ ਸੀ। ਇਸ ਤਖਤ ਦੀ ਸਥਾਪਨਾ ਗੁਰੂ ਸਾਹਿਬ ਨੇ ਖੁਦ ਕੀਤੀ ਸੀ। ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ’ਤੇ ਸਮੁੱਚੀ ਸਿੱਖ ਕੌਮ ਨੇ ਕਈ ਮੋਰਚੇ ਲਾਏ ਹਨ ਅਤੇ ਕਈ ਜੰਗਾਂ ਵੀ ਲੜੀਆਂ ਹਨ। ਇਸ ਦੇ ਫੈਸਲੇ ਸਮੁੱਚੇ ਸਿੱਖ ਜਗਤ ’ਤੇ ਲਾਗੂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਤਾਂ ਸੀਮਤ ਹੋ ਸਕਦਾ ਹੈ ਪਰ ਸ੍ਰੀ ਅਕਾਲ ਤਖਤ ਦਾ ਅਧਿਕਾਰ ਖੇਤਰ ਅਸੀਮਤ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਦੇਣ ਵਾਲੇ ਭਾਵੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਆਗੂ ਹੀ ਹਨ ਪਰ ਇਹ ਉਨ੍ਹਾਂ ਵਾਸਤੇ ਨਮੋਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਸਰਵਉਚਤਾ ਨੂੰ ਵੰਗਾਰਨ ਵਾਲੇ ਬਿਆਨਾਂ ਨਾਲ ਕੋਈ ਵੀ ਸਹਿਮਤ ਨਹੀਂ ਹੋ ਸਕਦਾ ਅਤੇ ਨਾ ਹੀ ਇਨ੍ਹਾਂ ਨੂੰ ਬਰਦਾਸ਼ਤ ਕੀਤਾ ਜਾ ਸਕਦਾ ਹੈ।