ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਪਟਿਆਲਾ ਵਿੱਚ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਮਿਲ ਰਹੀਆਂ ਹਨ ਜਾਂ ਨਹੀਂ। ਡਾ. ਬਲਬੀਰ ਸਿੰਘ ਨੇ ਕਲੀਨਿਕ ਵਿੱਚ ਦਵਾਈਆਂ ਦੀ ਉਪਲਬਧਤਾ ਅਤੇ ਟੈਸਟਿੰਗ ਸਹੂਲਤਾਂ ਦੀ ਗੁਣਵੱਤਾ ’ਤੇ ਸੰਤੁਸ਼ਟੀ ਦਾ ਪਤਾ ਲਗਾਉਣ ਲਈ ਕਈ ਮਰੀਜ਼ਾਂ ਨਾਲ ਗੱਲਬਾਤ ਕੀਤੀ। ਸਿਹਤ ਮੰਤਰੀ ਨੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀ ਮੌਜੂਦਗੀ ਅਤੇ ਕਾਰਗੁਜ਼ਾਰੀ ਦਾ ਮੌਕੇ ’ਤੇ ਜਾਇਜ਼ਾ ਵੀ ਲਿਆ ਅਤੇ ਉਨ੍ਹਾਂ ਨੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮੇਂ ਦੇ ਪਾਬੰਦ ਅਤੇ ਸਮਰਪਣ ਭਾਵਨਾ ’ਤੇ ਜ਼ੋਰ ਦਿੱਤਾ। ਇਸ ਦੌਰਾਨ ਸਿਹਤ ਮੰਤਰੀ ਨੇ ਕਲੀਨਿਕ ਤੇ ਇਸ ਦੇ ਆਲੇ ਦੁਆਲੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਸਮਝਾਇਆ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਤੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ ਤਾਂ ਕਿ ਡੇਂਗੂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰ ਨਾਗਰਿਕ ਦੇ ਦਰਵਾਜ਼ੇ ’ਤੇ ਪਹੁੰਚਯੋਗ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।