26.64 F
New York, US
February 22, 2025
PreetNama
Chandigharreligonਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਲੜੀ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ:ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਹੜੀ ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸੈਰ-ਸਪਾਟਾ ਅਤੇ ਸੱਭਿਆਚਾਰਕ ਪ੍ਰੋਮੋਸ਼ਨ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੀ.ਪੀ.ਪੀ. ਮੋਡ ‘ਤੇ ਬਣਾਇਆ ਗਿਆ ਇਹ ਹੋਟਲ ਸੁਹਜ-ਸੁੰਦਰਤਾ ਨਾਲ ਡਿਜ਼ਾਈਨ ਕੀਤਾ ਗਿਆ ਹੈ ਅਤੇ ਇਹ ਆਪਣੇ ਆਰਾਮ, ਮਹਿਮਾਨ ਨਿਵਾਜ਼ੀ ਅਤੇ ਸੁੰਦਰਤਾ ਨਾਲ ਨਵਾਂ ਮਾਪਦੰਡ ਸਥਾਪਤ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਡੈਸਟੀਨੇਸ਼ਨ ਵੈਡਿੰਗ ਅਤੇ ਹੋਰ ਪ੍ਰੋਗਰਾਮਾਂ ਲਈ ਇੱਕ ਪਸੰਦੀਦਾ ਸਥਾਨ ਬਣੇਗਾ। ਉਨ੍ਹਾਂ ਕਿਹਾ ਕਿ ਇਹ ਹੋਟਲ ਸੂਬੇ ਵਿੱਚ ਖਾਸ ਕਰਕੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਸੈਰ-ਸਪਾਟਾ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਸੈਲਾਨੀਆਂ ਨੂੰ ਹੋਟਲ ਵਿੱਚ ਆਰਾਮਦਾਇਕ ਠਹਿਰਾਅ ਦੀ ਸਹੂਲਤ ਮਿਲੇਗੀ ਅਤੇ ਉਹ ਆਪਣੇ ਠਹਰਾਅ ਦੌਰਾਨ ਸੂਬੇ ਦੀ ਨਿੱਘੀ ਮਹਿਮਾਨ ਨਿਵਾਜ਼ੀ ਦਾ ਆਨੰਦ ਮਾਣਨਗੇ।
ਇਸ ਮੌਕੇ ਇੱਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਗੁਰੂ ਸਾਹਿਬ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਬੇ ਭਰ ਵਿੱਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਣ ਲਈ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਅਧਿਕਾਰ ਦੀ ਰੱਖਿਆ ਅਤੇ ਮਨੁੱਖੀ ਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਵਿਲੱਖਣ ਅਤੇ ਬੇਮਿਸਾਲ ਹੈ ਅਤੇ ਜ਼ੁਲਮ ਵਿਰੁੱਧ ਧਰਮ ਯੁੱਧ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਮੁੱਖ ਮੰਤਰੀ ਨੇ ਫਰਵਰੀ ਵਿੱਚ ਸੂਬੇ ਵਿੱਚ ਰੰਗਲਾ ਪੰਜਾਬ ਤਿਉਹਾਰ ਮਨਾਉਣ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦਾ ਮਕਸਦ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਦੇ ਨਾਲ-ਨਾਲ ਸੁੰਦਰ ਸਥਾਨ ਹਨ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਇੱਕ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸੈਰ-ਸਪਾਟੇ ਦੀ ਅਣਵਰਤੀ ਸੰਭਾਵਨਾ ਨੂੰ ਹੋਰ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ ਕਿਉਂਕਿ ਇਹ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਜੀਵੰਤ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਵਾਲੇ ਪੰਜਾਬ ਨੂੰ ਦੁਨੀਆ ਭਰ ਦੇ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇ, ਜਿਸ ਨਾਲ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੂੰ ਸੂਬੇ ਵੱਲ ਆਕਰਸ਼ਿਤ ਕਰੇਗਾ ਜਿਸ ਸਦਕਾ ਪੰਜਾਬ ਦੀ ਆਰਥਿਕਤਾ ਨੂੰ ਵੀ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬੇ ਭਰ ਵਿੱਚ ਵਿਰਾਸਤੀ ਤਿਉਹਾਰਾਂ ਦਾ ਆਯੋਜਨ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਕੈਲੰਡਰ ਈਵੈਂਟ ਦੇ ਰੂਪ ਵਿੱਚ ਇੱਕ ਵਿਸਤ੍ਰਿਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਤਿਉਹਾਰਾਂ ਨੂੰ ਹਰ ਸਾਲ ਮਨਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਸੂਬੇ ਦੀ ਅਮੀਰ ਵਿਰਾਸਤ ਨੂੰ ਵੱਡੇ ਪੱਧਰ ‘ਤੇ ਸੁਰੱਖਿਅਤ ਰੱਖਿਆ ਜਾ ਸਕੇ।
ਮੁੱਖ ਮੰਤਰੀ ਨੇ ਸੈਰ-ਸਪਾਟਾ ਵਿਭਾਗ ਨੂੰ ਪ੍ਰਗਤੀ ਮੈਦਾਨ ਦੀ ਤਰਜ਼ ‘ਤੇ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਸਥਾਪਤ ਕਰਨ ਸਬੰਧੀ ਸੰਭਾਵਨਾ ਦੀ ਪੜਚੋਲ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਹ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ, ਲੁਧਿਆਣਾ ਅਤੇ ਨਿਊ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸਥਾਪਿਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਸੈਂਟਰਾਂ ਵਿੱਚ ਅਰੀਨਾ, ਹੋਟਲ, ਸ਼ਾਪਿੰਗ ਮਾਲ ਆਦਿ ਵੀ ਹੋਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੈਂਟਰ ਪ੍ਰਸਿੱਧ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉੱਘੇ ਕਲਾਕਾਰਾਂ ਦੇ ਵੱਡੇ ਸ਼ੋਅ ਕਰਵਾ ਕੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਵਿਭਾਗ ਨੂੰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਅਤੇ ਸੂਬੇ ਦੇ ਕੰਢੀ ਖੇਤਰਾਂ ਨੂੰ ਹੋਰ ਵਿਕਸਤ ਕਰਨ ਲਈ ਵਿਸਥਾਰਤ ਯੋਜਨਾ ਉਲੀਕਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਵਾਸਤੇ ਇੱਕ ਆਦਰਸ਼ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।

Related posts

Covid-19: ਆਸਟ੍ਰੇਲੀਆਈ ਲੋਕਾਂ ਦੀ ਮਦਦ ਲਈ ਅੱਗੇ ਆਏ ‘Shane Warne’….

On Punjab

ਬਟਾਲਾ ‘ਚ ਜ਼ਮੀਨੀ ਵਿਵਾਦ ਕਰਕੇ ਚਲਿਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ, ਦੋ ਜ਼ਖਮੀ

On Punjab

ਅਮਰੀਕੀ ਰਾਸ਼ਟਰਪਤੀ ਬਾਇਡਨ ਦੀ ਪੋਤੀ ਦੀ ਸੁਰੱਖਿਆ ‘ਚ ਕੁਤਾਹੀ, SUV ਨੂੰ ਤੋੜਨ ਦੀ ਕੋਸ਼ਿਸ਼; Secret Service Agent ਨੇ ਚਲਾਈ ਗੋਲ਼ੀ

On Punjab