ਚੰਡੀਗੜ੍ਹ: ਪ੍ਰਤਾਪ ਬਾਜਵਾ ਨੂੰ ਵੱਡੀ ਰਾਹਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਤਾਪ ਬਾਜਵਾ ਨੇ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਪੰਜਾਬ ਪੁਲੀਸ ਵੱਲੋਂ ਮੁਹਾਲੀ ਦੇ ਫੇਜ਼ 7 ਥਾਣੇ ਵਿਚ ਦਰਜ ਐਫਆਈਆਰ ਰੱਦ ਕਰਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਹਾਈ ਕੋਰਟ ਨੇ ਅੱਜ ਮਾਮਲੇ ਦੀ ਸੁਣਵਾਈ ਮਗਰੋਂ ਪ੍ਰਤਾਪ ਬਾਜਵਾ ਦੀ ਗ੍ਰਿਫਤਾਰੀ ਉਤੇ 22 ਅਪਰੈਲ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਬਾਜਵਾ ਨੂੰ ਪ੍ਰੈੱਸ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਵੀ ਰੋਕ ਦਿੱਤਾ ਹੈ। ਹਾਈ ਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ।
ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੇ ਮੁਵੱਕਿਲ ਦਾ ਬਿਆਨ ਅਖ਼ਬਾਰ ਵਿਚ ਛਪੀ ਖ਼ਬਰ ਉੱਤੇ ਅਧਾਰਤ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਜਵਾਬ ਦਾਇਰ ਕਰਨ ਲਈ ਕਿਹਾ ਹੈ। ਅਗਲੀ ਸੁਣਵਾਈ 22 ਅਪਰੈਲ ਨੂੰ ਹੋਵੇਗੀ।