ਇਸਲਾਮਾਬਾਦ: ਪਾਕਿਸਤਾਨ ਵਿੱਚ ਬਲਾਤਕਾਰ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸੰਘੀ ਕੈਬਨਿਟ ਨੇ ਔਰਤਾਂ ਤੇ ਬੱਚਿਆਂ ਨਾਲ ਵਧ ਰਹੇ ਜਿਣਸੀ ਅਪਰਾਧਾਂ ਨਾਲ ਨਜਿੱਠਣ ਲਈ ਬਲਾਤਕਾਰ ਵਿਰੋਧੀ ਦੋ ਆਰਡੀਨੈਂਸਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਆਰਡੀਨੈਂਸਾਂ ਦਾ ਉਦੇਸ਼ ਬਲਾਤਕਾਰ ਦੇ ਦੋਸ਼ੀਆਂ ਦੀ ਜਿਣਸੀ ਸਮਰੱਥਾ ਨੂੰ ਘਟਾਉਣਾ ਤੇ ਉਨ੍ਹਾਂ ਨੂੰ ਫਾਂਸੀ ਦੇਣ ਵਰਗੀਆਂ ਸਖ਼ਤ ਸਜ਼ਾਵਾਂ ਦੇਣਾ ਹੈ।
ਖ਼ਬਰਾਂ ਮੁਤਾਬਕ ਮਸੌਦੇ ‘ਚ ਪੁਲਿਸ ਪ੍ਰਣਾਲੀ ਵਿੱਚ ਔਰਤਾਂ ਦੀ ਭੂਮਿਕਾ ਵਧਾਉਣਾ, ਬਲਾਤਕਾਰ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਸੁਣਵਾਈ ਤੇ ਗਵਾਹਾਂ ਦੀ ਰੱਖਿਆ ਸ਼ਾਮਲ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਤੇ ਇਸ ਮਾਮਲੇ ਵਿੱਚ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, ‘ਸਾਨੂੰ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਵਾਤਾਵਰਣ ਬਣਾਉਣਾ ਹੋਵੇਗਾ।’
ਹੁਣ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ ਇਹ ਕਾਨੂੰਨ
ਪ੍ਰਧਾਨ ਮੰਤਰੀ ਨੇ ਕਿਹਾ ਕਿ ਬਲਾਤਕਾਰ ਪੀੜਤ ਬਗੈਰ ਕਿਸੇ ਡਰ ਦੇ ਸ਼ਿਕਾਇਤਾਂ ਦਰਜ ਕਰਾਉਣਗੇ ਤੇ ਸਰਕਾਰ ਉਨ੍ਹਾਂ ਦੀ ਪਛਾਣ ਲੁਕਾਏਗੀ। ਕੁਝ ਸੰਘੀ ਮੰਤਰੀਆਂ ਨੇ ਬਲਾਤਕਾਰੀਆਂ ਨੂੰ ਲੋਕਾਂ ਵਿੱਚ ਫਾਂਸੀ ਦੇਣ ਦੀ ਸਿਫਾਰਸ਼ ਵੀ ਕੀਤੀ।
ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਦ ਮੈਂਬਰ ਫੈਸਲ ਜਾਵੇਦ ਖ਼ਾਨ ਨੇ ਟਵਿੱਟਰ ‘ਤੇ ਲਿਖਿਆ ਕਿ ਸੰਸਦ ਵਿੱਚ ਇਹ ਕਾਨੂੰਨ ਜਲਦੀ ਪੇਸ਼ ਕੀਤਾ ਜਾਵੇਗਾ। ਉਧਰ, ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਵਿਧਾਨ ਸਭਾ ਵਿੱਚ ਬਹੁਮਤ ਹਾਸਲ ਕਰਨ ਮਗਰੋਂ ਗਿਲਗਿਤ-ਬਾਲਟਿਸਤਾਨ ਵਿੱਚ ਸਰਕਾਰ ਬਣਾਉਣ ਲਈ ਤਿਆਰ ਹੈ।