ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ, 2019 ਨੂੰ ਸ਼ੁਰੂ ਹੋਣ ਵਾਲੇ ਕੌਮਾਂਤਰੀ ਨਗਰ ਕੀਰਤਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਮੰਗਲਵਾਰ ਨੂੰ ਨਗਰ ਕੀਰਤਨ ਦਾ ਥੀਮ ਸ਼ਬਦ ‘ਕਲਿ ਤਾਰਣ ਗੁਰੁ ਨਾਨਕ ਆਇਆ’ ਰਿਲੀਜ਼ ਕੀਤਾ ਗਿਆ। ਇਹ ਸ਼ਬਦ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਵੱਲੋਂ ਗਾਇਆ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਜਾਣ ਵਾਲਾ ਕੌਮਾਂਤਰੀ ਨਗਰ ਕੀਰਤਨ ਅਲੌਕਿਕ ਹੋਵੇਗਾ, ਜਿਸ ਵਿੱਚ ਲਗਾਤਾਰ ਸੁਖਵਿੰਦਰ ਸਿੰਘ ਦੀ ਅਵਾਜ਼ ‘ਚ ਗਾਇਆ ਗਿਆ ‘ਕਲਿ ਤਾਰਣ ਗੁਰੁ ਨਾਨਕ ਆਇਆ’ ਸ਼ਬਦ ਚਲਾਇਆ ਜਾਵੇਗਾ। ਉਨ੍ਹਾਂ ਸੁਖਵਿੰਦਰ ਸਿੰਘ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਆਸ ਪ੍ਰਗਟਾਈ ਕਿ ਇਹ ਸ਼ਬਦ ਸੰਗਤਾਂ ਵਿੱਚ ਪ੍ਰਸਿੱਧੀ ਹਾਸਲ ਕਰੇਗਾ।
ਇਸ ਦੌਰਾਨ ਗਾਇਕ ਸੁਖਵਿੰਦਰ ਸਿੰਘ ਨੂੰ ਕਮੇਟੀ ਵੱਲੋਂ ਸਿਰੋਪਾ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਾਇਕ ਸੁਖਵਿੰਦਰ ਸਿੰਘ ਨੇ ਸ਼ਬਦ ਗਾਇਨ ਦੀ ਸੇਵਾ ਲਈ ਆਪਣੇ ਆਪ ਨੂੰ ਵਡਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਆਪਣੀ ਗਾਇਕੀ ਦੇ ਸਫ਼ਰ ਦੌਰਾਨ ਅਨੇਕਾਂ ਮਾਣ-ਸਨਮਾਣ ਪ੍ਰਾਪਤ ਹੋਏ, ਪਰ ਇਹ ਉਨ੍ਹਾਂ ਲਈ ਸਭ ਤੋਂ ਵੱਡਾ ਸਨਮਾਨ ਹੈ।
previous post