ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਰਾਹਤ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ’ਚ ਮੌਤ ਦੀ ਸਜ਼ਾ ਭੁਗਤ ਰਹੇ ਰਾਜੋਆਣਾ ਦੀ ਸਜ਼ਾ ਉਮਰ ਕੈਦ ’ਚ ਬਦਲ ਦਿੱਤੀ ਹੈ। ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਦੇਸ਼ ਭਰ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਜ਼ਾ ਵਿੱਚ ਮਨੁੱਖੀ ਆਧਾਰ ‘ਤੇ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਲਿਆ ਹੈ। ਕੁੱਲ 8 ਕੈਦੀ ਰਿਹਾਅ ਕੀਤੇ ਜਾ ਰਹੇ ਹਨ। ਇਨ੍ਹਾਂ ’ਚੋਂ ਇੱਕ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਜਾਣ ਦਾ ਫੈਸਲਾ ਕੀਤਾ ਸੀ।
1995 ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕੀਤਾ ਗਿਆ ਸੀ। ਇਸੇ ਕਤਲ ਦੇ ਦੋਸ਼ ਤਹਿਤ ਬੱਬਰ ਖ਼ਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਨੂੰ ਸਜ਼ਾ-ਏ-ਮੌਤ ਸੁਣਾਈ ਗਈ ਸੀ।
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ‘ਚ ਤਬਦੀਲ ਕਰਨ ‘ਤੇ ਸਾਂਸਦ ਰਵਨੀਤ ਬਿੱਟੂ ਨੇ ਵਿਰੋਧ ਜਤਾਇਆ ਹੈ। ਬਿੱਟੂ ਨੇ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।