ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ।
ਦੱਸ ਦੇਈਏ ਮੌਜੂਦਾ ਸਮੇਂ ਵਿੱਚ ਸਰਕਾਰੀ ਕਰਮਚਾਰੀਆਂ ਨੂੰ 12 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ‘ਤੇ 16 ਹਜ਼ਾਰ ਕਰੋੜ ਦਾ ਬੋਝ ਪਏਗਾ।
ਗੌਰਤਲਬ ਹੈ ਕਿ ਇਸੇ ਸਾਲ ਫਰਵਰੀ ਵਿੱਚ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 9 ਫੀਸਦੀ ਤੋਂ ਵਧਾ ਕੇ 12 ਫੀਸਦੀ ਕੀਤਾ ਸੀ ਤੇ ਹੁਣ ਇਸ ਵਿੱਚ 5 ਫੀਸਦੀ ਦਾ ਹੋਰ ਇਜ਼ਾਫਾ ਕਰ ਦਿੱਤਾ ਗਿਆ ਹੈ।