arvind kejriwal appealskejriwal appeals : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਉੱਤਰ ਪੂਰਬੀ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਵਿਖੇ ਦਿੱਲੀ ਹਿੰਸਾ ਦੇ ਪੀੜਤਾਂ ਲਈ ਰਾਹਤ ਅਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਬੈਠਕ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਦੇ ਮੁੱਖ ਸਕੱਤਰ, ਐਸ.ਡੀ.ਐਮ ਅਤੇ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਅਰਵਿੰਦ ਕੇਜਰੀਵਾਲ ਨੇ ਹਿੰਸਾ ਦੇ ਦੌਰਾਨ ਘਰ ਛੱਡ ਕੇ ਜਾਣ ਵਾਲੇ ਲੋਕਾਂ ਨੂੰ ਵਾਪਿਸ ਘਰ ਪਰਤਣ ਅਤੇ ਭਾਈਚਾਰੇ ਨਾਲ ਰਹਿਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਭਾਵਤ ਲੋਕਾਂ ਨੂੰ ਤੁਰੰਤ ਰਾਹਤ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਜਿਹੜੇ ਲੋਕ ਆਪਣੇ ਫਾਰਮ ਪ੍ਰਾਪਤ ਕਰ ਚੁੱਕੇ ਹਨ, ਉਨ੍ਹਾਂ ਨੂੰ ਐਤਵਾਰ ਸਵੇਰ ਤੱਕ 25-25 ਹਜ਼ਾਰ ਰੁਪਏ ਤੁਰੰਤ ਵਿੱਤੀ ਸਹਾਇਤਾ ਵਜੋਂ ਦਿੱਤੇ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਪ੍ਰਭਾਵਤ ਲੋਕਾਂ ਨੂੰ ਮੁਆਵਜ਼ੇ ਲਈ ਭਟਕਣਾ ਨਹੀਂ ਪਵੇਗਾ। ਪੀੜਤਾਂ ਦੀ ਸੂਚੀ ਤਿਆਰ ਕਰਨ ਤੋਂ ਬਾਅਦ ਅਧਿਕਾਰੀ ਜਾ ਕੇ ਫਾਰਮ ਦੇਣਗੇ। ਇਸ ਦੌਰਾਨ ਦਿੱਲੀ ਸਰਕਾਰ ਨੇ ਘਰੇਲੂ ਪ੍ਰੀਖਿਆਵਾਂ 7 ਫਰਵਰੀ ਤੱਕ ਮੁਲਤਵੀ ਕਰ ਦਿੱਤੀਆਂ ਹਨ। ਸੀ.ਬੀ.ਐਸ.ਈ ਬੋਰਡ ਨੂੰ ਵੀ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਪਹਿਲਾ ਮੰਤਵ ਇਹ ਹੈ ਕਿ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਸਧਾਰਣ ਹੋਣੀ ਚਾਹੀਦੀ ਹੈ। ਹਿੰਸਾ ਪੂਰੀ ਤਰ੍ਹਾਂ ਰੁਕ ਗਈ ਹੈ ਅਤੇ ਹੁਣ ਹਿੰਸਾ ਦੀ ਘਟਨਾ ਬਾਰੇ ਕਿਧਰੇ ਕੋਈ ਜਾਣਕਾਰੀ ਨਹੀਂ ਮਿਲ ਰਹੀ। ਸਰਕਾਰ ਲੋਕਾਂ ਨੂੰ ਆਪਣੀ ਜ਼ਿੰਦਗੀ ਦੁਬਾਰਾ ਸ਼ੁਰੂ ਕਰਨ ਲਈ ਜੋ ਸਹਾਇਤਾ ਦੇ ਸਕਦੀ ਹੈ ਅਸੀਂ ਉਹ ਹਰ ਸਹਾਇਤਾ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੀਆਂ ਦੁਕਾਨਾਂ ਸੜ ਗਈਆਂ ਸਨ। ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਘਰ ਸਾੜੇ ਗਏ ਸਨ। ਕੁਝ ਲੋਕ ਮਰ ਗਏ। ਬਹੁਤ ਸਾਰੇ ਲੋਕ ਜ਼ਖਮੀ ਹਨ। ਸਰਕਾਰ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਦੇ ਚਾਰ ਉਪ ਮੰਡਲ ਦੰਗਿਆਂ ਤੋਂ ਪ੍ਰਭਾਵਿਤ ਹਨ। ਇਨ੍ਹਾਂ ਚਾਰਾਂ ਡਵੀਜ਼ਨਾਂ ਵਿਚ 18 ਐਸ.ਡੀ.ਐਮਜ਼ ਤਾਇਨਾਤ ਕੀਤੇ ਗਏ ਹਨ।