ਰਸੋਈ ਅੰਦਰ ਦਾਖ਼ਲ ਹੋਏ ਮਕਾਨ ਮਾਲਕ ਨੇ ਕਿਰਾਏਦਾਰ ਦੀ ਸਾਢੇ ਤਿੰਨ ਸਾਲ ਦੀ ਮਾਸੂਮ ਧੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਸ਼ਰਮਨਾਕ ਕਾਰੇ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਤਰ੍ਹਾਂ ਹੀ ਇਸ ਸ਼ਰਮਨਾਕ ਘਟਨਾ ਦਾ ਖੁਲਾਸਾ ਹੋਇਆ ਤਾਂ ਇਲਾਕਾ ਵਾਸੀਆਂ ਵਿਚ ਗੁੱਸੇ ਦੀ ਲਹਿਰ ਦੌੜ ਗਈ।
ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਬੱਚੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਹੱਲਾ ਗੁਰੂ ਨਾਨਕ ਨਗਰ ਦੇ ਰਹਿਣ ਵਾਲੇ ਬਜ਼ੁਰਗ ਮਹਿੰਦਰ ਪੋਦਾਰ (57) ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਨਾਕਾਬੰਦੀ ਦੇ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਫੈਕਟਰੀ ਵਿੱਚ ਕੰਮ ਕਰ ਰਹੇ ਮੋਹਿੰਦਰ ਪੋਦਾਰ ਦੇ ਕਿਰਾਏ ‘ਤੇ ਰਹਿ ਰਿਹਾ ਸੀ। ਪੰਜ ਬੱਚਿਆਂ ‘ਚੋਂ ਉਨ੍ਹਾਂ ਦੀ ਸਭ ਤੋਂ ਛੋਟੀ ਬੱਚੀ ਸਾਢੇ ਤਿੰਨ ਸਾਲ ਦੀ ਬੱਚੀ ਆਪਣੀ ਮਾਂ ਕੋਲ ਆਈ ਤੇ ਉਸ ਨੇ ਜੋ ਕੁਝ ਦੱਸਿਆ ਉਹ ਪਰੇਸ਼ਾਨ ਕਰ ਦੇਣ ਵਾਲਾ ਸੀ। ਮਾਸੂਮ ਬੱਚੀ ਨੇ ਤੋਤਲੀ ਜ਼ਬਾਨ ਵਿੱਚ ਆਪਣੇ ਮਕਾਨ ਮਾਲਕ ਦੀ ਕਰਤੂਤ ਬਿਆਨ ਕੀਤੀ। ਲੜਕੀ ਦੇ ਪਿਤਾ ਨੇ ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ। ਕੇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ। ਜਾਂਚ ਅਧਿਕਾਰੀ ਕਰਨੈਲ ਸਿੰਘ ਦਾ ਕਹਿਣਾ ਹੈ ਕਿ ਮੁਲਜਮ ਮਹਿੰਦਰ ਪੋਦਾਰ ਨੂੰ ਐਤਵਾਰ ਦੁਪਹਿਰ ਤੋਂ ਬਾਅਦ ਅਦਾਲਤ ਪੇਸ਼ ਕੀਤਾ ਜਾਵੇਗਾ।