ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਸੀਤ ਲਹਿਰਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ। ਲਗਾਤਾਰ ਵੱਧ ਰਹੀ ਠੰਢ ਕਰਕੇ ਲੋਕ ਵੀ ਆਪਣੇ ਘਰ ਵਿੱਚੋਂ ਘੱਟ ਗਿਣਤੀ ਵਿੱਚ ਹੀ ਬਾਹਰ ਨਿਕਲ ਰਹੇ ਸਨ ਪਰ ਅੱਜ ਦਿਨ ਸਮੇਂ ਚੰਗੀ ਧੁੱਪ ਨਿਕਲਣ ਕਰਕੇ ਲੋਕ ਧੁੱਪ ਦਾ ਆਨੰਦ ਮਾਣਦੇ ਦਿਖਾਈ ਦਿੱਤੇ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 18.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਸ਼ਹਿਰ ਵਿੱਚ 10 ਜਨਵਰੀ ਨੂੰ ਸੰਘਣੀ ਧੁੰਦ ਤੇ ਸੀਤ ਲਹਿਰਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ, ਜਦੋਂ ਕਿ 11 ਜਨਵਰੀ ਨੂੂੰ ਹਲਕਾ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 17.4 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਹੈ।