ਅੰਮ੍ਰਿਤਸਰ-ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਵੱਖ-ਵੱਖ ਥਾਵਾਂ ਅਤੇ ਸਿਨੇਮਾਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਰ੍ਹਾਂ ਬਠਿੰਡਾ, ਜਲੰਧਰ ਤੇ ਲੁਧਿਆਣਾ ਵਿੱਚ ਵੀ ਫਿਲਮ ਖ਼ਿਲਾਫ਼ ਪ੍ਰਦਰਸ਼ਨ ਹੋਏ।
ਇਸ ਦੌਰਾਨ ਪੀਵੀਆਰ ਸਿਨੇਮਾ ਦੇ ਮੈਨੇਜਰ ਨੇ ਸਪੱਸ਼ਟ ਕੀਤਾ ਕਿ ਸਿਨੇਮਾਘਰ ਵਿੱਚ ਇਹ ਫਿਲਮ ਨਹੀਂ ਚਲਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਆਖਿਆ ਕਿ ਸਿਨੇਮਾਘਰ ਦੇ ਪ੍ਰਬੰਧਕਾਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਹ ਫਿਲਮ ਉਨ੍ਹਾਂ ਦੇ ਸਿਨੇਮਾਘਰ ਵਿੱਚ ਨਹੀਂ ਚਲਾਈ ਜਾਵੇਗੀ।
ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਹੋਰਨਾ ਥਾਵਾਂ ’ਤੇ ਵੀ ਫਿਲਮ ਨਾ ਚਲਾਉਣ ਦੇ ਭਰੋਸੇ ਦਿੱਤੇ ਗਏ ਹਨ। ਇਸ ਦੌਰਾਨ ਸਿਨੇਮਾਘਰ ਦੇ ਬਾਹਰ ਭਾਰੀ ਪੁਲੀਸ ਬਲ ਤਾਇਨਾਤ ਸੀ। ਪੁਲੀਸ ਅਧਿਕਾਰੀ ਨੇ ਆਖਿਆ ਕਿ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਵਾਸਤੇ ਸਿਨੇਮਾਘਰਾਂ ਦੇ ਬਾਹਰ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ।