ਚੰਡੀਗੜ੍ਹ- ਜੰਮੂ ਕਸ਼ਮੀਰ ਦੇ ਪਹਿਲਗਾਮ ਬੀਤੇ ਦਿਨ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ । ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿੱਚ ਫਸੇ ਹੋਏ ਪੰਜਾਬੀਆਂ ਨੂੰ ਸਹੀ ਸਲਾਮਤ ਵਾਪਸ ਲਿਆਂਦਾ ਜਾਵੇਗਾ ਇਸ ਲਈ ਉਹ ਜੰਮੂ ਕਸ਼ਮੀਰ ਸਰਕਾਰ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਵੱਲੋਂ ਅਕਸਰ ਹੀ ਪੰਜਾਬ ਦੀ ਸਰਹੱਦ ਰਾਹੀਂ ਦਾਖਲ ਹੋ ਕੇ ਸੂਬੇ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਸਰਹੱਦੀ ਖੇਤਰ ਨੂੰ ਸੁਰੱਖਿਤ ਕਰਨ ਲਈ ਐਂਟੀ ਡਰੋਨ ਸਿਸਟਮ ਵਿਕਸਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਬੀਐੱਸਐੱਫ ਅਤੇ ਭਾਰਤੀ ਫੌਜ ਨਾਲ ਮਿਲ ਕੇ ਪਠਾਨਕੋਟ ਇਲਾਕੇ ਅਤੇ ਹੋਰ ਸਰਹੱਦੀ ਖੇਤਰ ਵਿਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਜਾਂਚ ਏਜੰਸੀਆਂ ਨਾਲ ਵੀ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਪੜ੍ਹਦੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਰਹੀ ਹੈ।
ਪੰਜਾਬ ਵਿੱਚ ਹਾਈ ਅਲਰਟ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਹਿਲਗਾਮ ਵਿਚ ਵਾਪਰੀ ਘਟਨਾ ਤੋਂ ਬਾਅਦ ਤੋਂ ਹੀ ਪੰਜਾਬ ਵਿਚ ਹਾਈ ਅਲਰਟ ਲਾਗੂ ਕਰ ਦਿੱਤਾ ਸੀ। ਇਸ ਦੌਰਾਨ ਸੂਬੇ ਵਿੱਚ ਅੰਤਰਰਾਜੀ ਸੜਕਾਂ ’ਤੇ ਨਾਕਾਬੰਦੀ ਕੀਤੀ ਗਈ ਅਤੇ ਸਰਹੱਦੀ ਖੇਤਰ ਵਿਚ ਪੁਲੀਸ ਗਸ਼ਤ ਵੀ ਵਧਾ ਦਿੱਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਪੁਲੀਸ ਹਰ ਸਮੇਂ ਸੂਬੇ ਦੀ ਸੁਰੱਖਿਆ ਨੂੰ ਬਰਕਾਰ ਰੱਖਣ ਲਈ ਮੁਸਤੈਦ ਹੈ।