ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ ਨਹਿਰ ਤੇ ਨਸ਼ਿਆਂ ਸਮੇਤ ਪੰਜਾਬ ਤੇ ਹਰਿਆਣਾ ਦਰਮਿਆਨ ਜਾਰੀ ਵਿਵਾਦਾਂ ‘ਤੇ ਦੋਵੇਂ ਸੂਬਿਆਂ ਦੇ ਮੁਖੀਆਂ ਨੇ ਮੁਲਾਕਾਤ ਕੀਤੀ। ਨਸ਼ਿਆਂ ਦੇ ਮਾਮਲੇ ‘ਤੇ ਉੱਤਰ ਭਾਰਤੀ ਸੂਬੇ 25 ਜੁਲਾਈ ਨੂੰ ਮਿਲਣਗੇ ਤੇ ਸੰਯੁਕਤ ਨੀਤੀ ਤਿਆਰ ਕਰਨਗੇ।
ਇਸ ਬੈਠਕ ਦੀ ਮੇਜ਼ਬਾਨੀ ਪੰਜਾਬ ਵੱਲੋਂ ਕੀਤੀ ਜਾਵੇਗੀ। ਪਿਛਲੇ ਸਾਲ ਅਪਰੈਲ ਵਿੱਚ ਅਜਿਹੀ ਪਹਿਲੀ ਬੈਠਕ ਹੋਈ ਸੀ, ਜਿਸ ਵਿੱਚ ਸਾਰੇ ਸੂਬਿਆਂ ਨੇ ਪੰਚਕੂਲਾ ਵਿੱਚ ਕੇਂਦਰੀ ਸਕੱਤਰੇਤ ਸਥਾਪਤ ਕਰਨ ਦਾ ਫੈਸਲਾ ਵੀ ਕੀਤਾ ਸੀ।
ਨਸ਼ਿਆਂ ਦੇ ਖ਼ਾਤਮੇ ਲਈ ਦੂਜੀ ਮੀਟਿੰਗ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀ, ਨਾਲ ਹੀ ਜੰਮੂ ਅਤੇ ਕਸ਼ਮੀਰ ਦੇ ਰਾਜਪਾਲ, ਦਿੱਲੀ ਦੇ ਲੈਫਟੀਨੈਂਟ ਗਵਰਨਰ ਤੇ ਚੰਡੀਗੜ੍ਹ ਪ੍ਰਸ਼ਾਸਕ ਦੇ ਮੀਟਿੰਗ ‘ਚ ਸ਼ਾਮਲ ਹੋਣ ਦੀ ਉਮੀਦ ਹੈ।
ਕੈਪਟਨ ਅਮਰਿੰਦਰ ਨੇ ਖੱਟਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ, ਜੋ ਕਿ ਸਿਰਫ ਪਾਕਿਸਤਾਨ ਤੋਂ ਨਹੀਂ, ਸਗੋਂ ਦੇਸ਼ ਦੇ ਅੰਦਰੋਂ, ਖਾਸ ਕਰਕੇ ਕਸ਼ਮੀਰ ਦੇ ਬਾਰਡਰ ਤੋਂ ਪੰਜਾਬ ਵਿੱਚ ਤਸਕਰ ਕੀਤੇ ਜਾ ਰਹੇ ਹਨ। ਉਨ੍ਹਾਂ ਨਸ਼ਿਆਂ ਵਿਰੁੱਧ ਆਪਣੀ ਸਰਕਾਰ ਦੀ ਜ਼ੀਰੋ ਟੌਲਰੈਂਸ ਨੀਤੀ ਨੂੰ ਵੀ ਦੁਹਰਾਇਆ।