ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਦੇਰ ਸ਼ਾਮ ਵਾਪਰੀ ਘਟਨਾ ਪਿੱਛੇ ਬਹੁਤ ਡੂੰਘੀ ਸਾਜਿਸ਼ ਹੈ। ਪਿੱਛਲੇ ਕੁਝ ਸਮਿਆਂ ਤੋਂ ਬੇਅਦਬੀ ਦੇ ਦੋਸ਼ੀਆਂ ਨੂੰ ਦਿਮਾਗੀ ਸੰਤੁਲਨ ਠੀਕ ਨਾ ਹੋਣ ਦਾ ਕਾਰਨ ਦੱਸ ਕੇ ਸਰਕਾਰ ਵੱਲੋਂ ਕੋਈ ਠੋਸ ਸਾਜਿਸ਼ ਨੂੰ ਸਾਹਮਣੇ ਨਹੀਂ ਲਿਆਂਦਾ ਗਿਆ। ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ, ਉਸ ਤੋਂ ਬਾਅਦ ਦੋ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਫੜ੍ਹੇ ਜਾਣ ਦੇ ਬਾਵਜੂਦ ਇਸ ਮਾਮਲੇ ਦੀ ਪੜਤਾਲ ਸਾਹਮਣੇ ਨਹੀਂ ਆਈ।
ਇਸ ਸਮੇਂ ਬੇਅਦਬੀ ਦੇ ਦੋਸ਼ੀ ਨੂੰ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਅਤੇ ਸੰਗਤ ਵੱਲੋਂ ਦਿੱਤੀ ਸਜ੍ਹਾਂ ਦੇ ਫੈਸਲੇ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਭਰਵਾਂ ਸਵਾਗਤ ਕਰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇੇ ਵਾਪਰੀ ਘਟਨਾ ’ਤੇ ਟਿੱਪਣੀ ਕਰਦਿਆਂ ਕੀਤਾ।