Weather Forecast Today IMD: ਦੇਸ਼ ਦੇ ਕਈ ਹਿੱਸਿਆਂ ਵਿਚ ਸਰਦੀ ਲਗਭਗ ਖਤਮ ਹੋ ਚੁੱਕੀ ਹੈ। ਹਾਲਾਂਕਿ ਪੱਛਮੀ ਹਿਮਾਲਿਆ ‘ਚ ਪੱਛਮੀ ਗੜਬੜੀ ਕਾਰਨ ਜ਼ਿਆਦਾਤਰ ਸੂਬਿਆਂ ਦਾ ਮੌਸਮ ਬਦਲ ਗਿਆ ਹੈ।
ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਕੁਝ ਦਿਨਾਂ ‘ਚ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਬਾਰਿਸ਼ ਹੋਣ ਵਾਲੀ ਹੈ। ਨਾਲ ਹੀ 22 ਫਰਵਰੀ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 19 ਤੋਂ 21 ਫਰਵਰੀ ਤੱਕ, ਪੱਛਮੀ ਉੱਤਰ ਪ੍ਰਦੇਸ਼ ਵਿੱਚ 19 ਤੋਂ 20 ਫਰਵਰੀ ਤੱਕ, ਪੂਰਬੀ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ 20 ਤੋਂ 22 ਫਰਵਰੀ ਤੱਕ ਅਤੇ ਰਾਜਸਥਾਨ ਵਿੱਚ 19 ਅਤੇ 20 ਫਰਵਰੀ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ IMD ਦੇ ਅਨੁਸਾਰ ਦਿੱਲੀ ਵਿੱਚ 19 ਤੋਂ 21 ਫਰਵਰੀ ਦਰਮਿਆਨ ਮੀਂਹ ਪੈ ਸਕਦਾ ਹੈ। ਇਸ ਪੂਰੇ ਹਫਤੇ ਦਿੱਲੀ ਦਾ ਘੱਟੋ-ਘੱਟ ਤਾਪਮਾਨ 9 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 24 ਤੋਂ 27 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਹੋਰ ਥਾਵਾਂ ‘ਤੇ ਮੌਸਮ ਦੇ ਹਾਲਾਤ
19 ਤੋਂ 20 ਫਰਵਰੀ ਦਰਮਿਆਨ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 30 ਤੋਂ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਬਾਰਸ਼ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ‘ਚ 1 ਜਾਂ 2 ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਸਕਾਈਮੈਟ ਵੈਦਰ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ 19 ਫਰਵਰੀ ਅਤੇ ਉੱਤਰਾਖੰਡ ਵਿੱਚ 19 ਤੋਂ 21 ਫਰਵਰੀ ਨੂੰ ਵੱਖ-ਵੱਖ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ। 19 ਤੋਂ 20 ਫਰਵਰੀ ਦਰਮਿਆਨ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ।
ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਚ 21 ਤੋਂ 24 ਫਰਵਰੀ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ। ਇਸ ਦੌਰਾਨ ਆਸਾਮ ਅਤੇ ਮੇਘਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੜੀਸਾ ਦੇ ਕੁਝ ਖੇਤਰਾਂ ਵਿੱਚ ਸਵੇਰੇ ਸੰਘਣੀ ਧੁੰਦ ਪੈ ਸਕਦੀ ਹੈ।