Kartarpur Corridor temporary closed: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵਧਦੇ ਸੰਕਟ ਨੂੰ ਦੇਖਦਿਆਂ ਸਾਵਧਾਨੀ ਦੇ ਪੱਖੋਂ ਕਰਤਾਰਪੁਰ ਲਾਂਘਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਐਲਾਨ ਕੀਤਾ ਹੈ ਕਿ ਇਹ ਲਾਂਘਾ ਅਸਥਾਈ ਤੌਰ ’ਤੇ ਬੰਦ ਕੀਤਾ ਗਿਆ ਹੈ। ਇਹ ਐਲਾਨ ਉਨ੍ਹਾਂ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ, ਜੋ ਕਿ ਉਨ੍ਹਾਂ ਨੇ ਆਪਣੀ ਸਰਕਾਰ ਦੇ ਤਿੰਨ ਵਰ੍ਹੇ ਪੂਰੇ ਹੋਣ ’ਤੇ ਕਰਵਾਈ ਸੀ। ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਦੇ ਦਰਸ਼ਨ ਕਰਨ ਲਈ ਲੋਕਾਂ ਦੀਆਂ ਲੰਬੇ ਚਿਰਾਂ ਦੀਆਂ ਇੱਛਾਵਾਂ ਦੀ ਪੂਰਤੀ ਨੂੰ ਦਰਸਾਉਂਦਾ ਇਹ ਕਾਰੀਡੋਰ “ਸੰਕਟ ਦੇ ਸਮੇਂ ਤੋਂ ਇਲਾਵਾ” ਹਮੇਸ਼ਾ ਖੁੱਲਾ ਰਹੇਗਾ।
ਉਨ੍ਹਾਂ ਕਿਹਾ ਕਿ ਕੋਵਿਡ -19 ਦੇ ਫੈਲਣ ਦੇ ਬਾਅਦ ਕੋਰੀਡੋਰ ਨੂੰ ਬੰਦ ਕਰਨ ਦਾ ਫੈਸਲਾ ਅਹਿਤਿਆਤ ਦੇ ਮੱਦੇਨਜ਼ਰ ਅਸਥਾਈ ਤੌਰ ’ਤੇ ਲਿਆ ਗਿਆ ਹੈ, ਜਿਸ ਦਾ ਉਦੇਸ਼ ਇਸ ਜਾਨਲੇਵਾ ਬਿਮਾਰੀ ਨੂੰ ਫੈਲਣ ਤੋਂ ਰੋਕਣਾ ਸੀ, ਉਨ੍ਹਾਂ ਅੱਗੇ ਕਿਹਾ ਕਿ ਇਸ ਨੂੰ ਪੱਕੇ ਤੌਰ ‘ਤੇ ਬੰਦ ਰੱਖਣ ਦਾ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ। ਲਾਂਘਾ ਖੋਲ੍ਹਣ ਨਾਲ ਲੱਖਾਂ ਸ਼ਰਧਾਲੂਆਂ ਨੇ ਇਤਿਹਾਸਕ ਗੁਰਦੁਆਰੇ ਦੇ ‘ਖੁੱਲੇ ਦਰਸ਼ਨ ਦੀਦਾਰ’ ਕਰਵਾਉਣ ਦਾ ਸੁਪਨਾ ਪੂਰਾ ਹੋ ਗਿਆ ਹੈ। ਇਸ ਫੈਸਲੇ ਨੂੰ ਕਿਸੇ ਵੀ ਕੀਮਤ ‘ਤੇ ਬਦਲਿਆ ਨਹੀਂ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਇਹ ਲਾਂਘਾ ਉਨ੍ਹਾਂ ਦੇ ਕਾਰਜਕਾਲ ਦੌਰਾਨ ਖੋਲ੍ਹਿਆ ਗਿਆ ਸੀ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੁਸ਼ਕਿਸਮਤ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਮੌਕਾ ਮਿਲਿਆ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸੱਤਾ ਵਿਚ ਆਇਆਂ ਤਿੰਨ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਕੈਪਟਨ ਸਰਕਾਰ ਨੇ ਆਪਣੀਆਂ ਪ੍ਰਾਪਤੀਆਂ ਜਨਤਾ ਅੱਗੇ ਪੇਸ਼ ਕੀਤੀਆਂ। ਇਸ ਦੇ ਲਈ ਪੰਜਾਬ ਭਵਨ ਵਿਖੇ ਕੈਪਟਨ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਉਥੇ ਹੀ ਉਨ੍ਹਾਂ ਨੇ ਕਰਤਾਰਪੁਰ ਕਾਰੀਡੋਰ ਦੇ ਅਸਥਾਈ ਤੌਰ ’ਤੇ ਬੰਦ ਕੀਤੇ ਜਾਣ ਦਾ ਐਲਾਨ ਕੀਤਾ ਸੀ।