ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਥੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾਉਂਦਿਆਂ ਲਾਹੇਵੰਦ ਖੇਤੀ ਦਾ ਵੱਧ ਤੋਂ ਵੱਧ ਲਾਭ ਲੈਣ।
ਇੰਡੋ-ਇਜ਼ਰਾਇਲ ਪ੍ਰਾਜੈਕਟ ਤਹਿਤ ਇਥੇ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਹਾਈਡਰੋਪੋਨਿਕ ਯੂਨਿਟ ਅਤੇ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ ਦੇ ਉਦਘਾਟਨ ਉਪਰੰਤ ਸੈਂਟਰ ਦਾ ਦੌਰਾ ਕਰਦਿਆਂ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈਕ ਖੇਤੀ ਅਪਣਾਉਣ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਸੰਭਵ ਸਿਖਲਾਈ ਅਤੇ ਮਦਦ ਲਈ ਹਮੇਸ਼ਾਂ ਤੱਤਪਰ ਹੈ । ਉਨ੍ਹਾਂ ਕਿਹਾ ਕਿ ਇੰਡੋ-ਇਜ਼ਰਾਇਲ ਪ੍ਰਾਜੈਕਟ ਦਾ ਇਹ ਸੈਂਟਰ ਆਧੁਨਿਕ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਵਿਕਸਿਤ ਹੋਵੇਗਾ।
ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੁੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬਾਗਬਾਨੀ ਵਿਭਾਗ ਵਲੋਂ ਸੈਂਟਰ ਦੀਆਂ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਢਲੇ ਤੌਰ ’ਤੇ ਜ਼ਿਲ੍ਹਾ ਜਲੰਧਰ ਅਤੇ ਹੁਸਿਆਰਪੁਰ ਦੇ 15 ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਥੋੜ੍ਹੀ ਜਮੀਨ ਵਿੱਚ ਵੀ ਵੱਧ ਆਮਦਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਬਾਗਬਾਨੀ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਨੇ ਨਵੀਆਂ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ। ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੰਦਰ ਕੌਰ ਨੇ ਦੱਸਿਆ ਕਿ ਸੈਂਟਰ ਆਫ਼ ਐਕਸੀਲੈਂਸ ਤੋਂ ਭਾਰੀ ਗਿਣਤੀ ਵਿੱਚ ਕਿਸਾਨਾਂ ਵਲੋਂ ਸਬਜ਼ੀਆਂ ਦੀ ਪਨੀਰੀ ਲਿਜਾਕੇ ਆਪਣੇ ਖੇਤਾਂ ਵਿੱਚ ਇਹ ਤਕਨੀਕੀ ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ।