ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਏ ਹਨ। ਗੁਰਮੀਤ ਰਾਮ ਰਹੀਮ ਸਿੰਘ ਨੂੰ ਸ਼ਨਿਚਰਵਾਰ ਨੂੰ ਮੁੜ ਪੈਰੋਲ ਮਿਲ ਗਈ ਹੈ। ਗੁਰਮੀਤ ਸਿੰਘ ਨੂੰ ਤਿੰਨ ਮਹੀਨਿਆਂ ਵਿੱਚ ਦੂਜੀ ਵਾਰ ਪੈਰੋਲ ਮਿਲੀ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਬਰਨਾਵਾ ਡੇਰੇ ਲਈ ਰਵਾਨਾ ਹੋ ਗਿਆ। ਇਸ ਦੌਰਾਨ ਉਨ੍ਹਾਂ ਦੀ ਬੇਟੀ ਹਨੀਪ੍ਰੀਤ ਰਾਮ ਰਹੀਮ ਨੂੰ ਲੈਣ ਪਹੁੰਚੀ।
ਜਾਣਕਾਰੀ ਮੁਤਾਬਕ ਗੁਰਮੀਤ ਰਾਮ ਰਹੀਮ ਨੇ ਪੈਰੋਲ ਲਈ ਅਰਜ਼ੀ ਦਿੱਤੀ ਸੀ। ਗੁਰਮੀਤ ਰਾਮ ਰਹੀਮ ਨੇ 25 ਜਨਵਰੀ ਨੂੰ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ‘ਤੇ ਸ਼ਾਮਲ ਹੋਣ ਲਈ ਅਰਜ਼ੀ ਦਿੱਤੀ ਸੀ। ਡੇਰਾਮੁਖੀ ਨੇ 25 ਜਨਵਰੀ ਨੂੰ ਭੰਡਾਰਾ ਅਤੇ ਸਤਿਸੰਗ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਜਾਣ ਦੀ ਇਜਾਜ਼ਤ ਮੰਗੀ ਸੀ, ਜਿਸ ਦੀ ਮਨਜ਼ੂਰੀ ਮਿਲ ਗਈ ਹੈ। ਰਾਮ ਰਹੀਮ ਨੂੰ ਇਸ ਵਾਰ 40 ਦਿਨਾਂ ਦੀ ਪੈਰੋਲ ਮਿਲੀ ਹੈ।
ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਬੰਦ
ਦੱਸ ਦਈਏ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਆਪਣੀਆਂ ਦੋ ਚੇਲੀਆਂ ਨਾਲ ਜਬਰ ਜਨਾਹ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। 20 ਸਾਲ ਦੀ ਸਜ਼ਾ ਕੱਟ ਰਿਹਾ ਰਾਮ ਰਹੀਮ ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਇਸ ਸਜ਼ਾ ਦੌਰਾਨ ਰਾਮ ਰਹੀਮ ਕਈ ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ।