59.59 F
New York, US
April 19, 2025
PreetNama
ਸਮਾਜ/Social

SGPC ਦਾ ਅਹਿਮ ਫੈਸਲਾ : ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਬੰਧੀ ਫਿਲਮਾਂ ’ਤੇ ਲਗਾਈ ਪਾਬੰਦੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ’ਤੇ ਅਗਲੇ ਫੈਸਲੇ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਇਸ ਦੇ ਨਾਲ ਹੀ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਤ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਫਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ਅੰਦਰ ਭਾਰੀ ਰੋਸ ਸਾਹਮਣੇ ਆਇਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫਿਲਮਾਉਣ ’ਤੇ ਰੋਕ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਪਾਸ ਸਮੇਂ-ਸਮੇਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਇਤਰਾਜ਼ ਪੁੱਜਦੇ ਰਹੇ ਹਨ, ਜਿਸ ਕਰਕੇ ਅਗਲੇ ਫੈਸਲੇ ਤੱਕ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਬੰਧਤ ਫਿਲਮਾਂ ’ਤੇ ਪਾਬੰਦੀ ਰਹੇਗੀ।ਅਕਾਲੀ ਬਾਬਾ ਫੂਲਾ ਸਿੰਘ ਦੀ ਮਾਰਚ 2023 ’ਚ ਆ ਰਹੀ 200 ਸਾਲਾ ਸ਼ਹੀਦੀ ਸ਼ਤਾਬਦੀ ਬਾਰੇ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸਮਾਗਮ ਕੀਤੇ ਜਾਣਗੇ।

ਇਸ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਰਾਇ ਮਸ਼ਵਰੇ ਮਗਰੋਂ ਸਾਂਝੀ ਕਮੇਟੀ ਗਠਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਦਲਾਂ ਦੇ ਤਿੰਨ ਤਿੰਨ ਮੈਂਬਰ ਸ਼ਾਮਲ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਾਸਤੇ ਸਮਾਗਮ ਉਲੀਕੇ ਜਾਣਗੇ। ਇਸ ਸਬੰਧ ਵਿਚ ਇਕ ਵਿਸ਼ੇਸ਼ ਵੈਨ ਤਿਆਰ ਕੀਤੀ ਗਈ ਹੈ, ਜਿਸ ਵਿਚ ਪ੍ਰਚਾਰਕ ਜਥੇ ਪਿੰਡ ਪਿੰਡ ਜਾਣਗੇ। ਖਾਸ ਕਰਕੇ ਸਰਹੱਦੀ ਇਲਾਕਿਆਂ ਵਿਚ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਪ੍ਰਚਾਰਕ ਜਥੇ ਪਰਿਵਾਰਾਂ ਨਾਲ ਸਿੱਖ ਇਤਿਹਾਸ, ਸਿਧਾਂਤਾਂ ਅਤੇ ਰਹਿਤ ਮਰਯਾਦਾ ਬਾਰੇ ਵਿਚਾਰ ਵਟਾਂਦਰਾ ਕਰਨਗੇ, ਤਾਂ ਜੋ ਸੰਗਤਾਂ ਸਿੱਖੀ ਦੇ ਮੂਲ ਨੂੰ ਅਸਾਨੀ ਨਾਲ ਸਮਝ ਸਕਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਰਮ ਪ੍ਰਚਾਰ ਲਈ ਤਿਆਰ ਕੀਤੀ ਵੈਨ ਵੀ ਰਵਾਨਾ ਕੀਤੀ, ਜੋ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਨਿਗਰਾਨੀ ਹੇਠ ਧਰਮ ਪ੍ਰਚਾਰ ਕਾਰਜ ਲਈ ਵਰਤੀ ਜਾਵੇਗੀ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਤੇਜਿੰਦਰਪਾਲ ਸਿੰਘ, ਅਵਤਾਰ ਸਿੰਘ ਵਣਵਾਲਾ, ਭਾਈ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਧਰਮ ਪ੍ਰਚਾਰ ਲਹਿਰ ਦੇ ਮੁਖੀ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਮਾਝਾ ਜੋਨ ਦੇ ਮੁਖੀ ਭਾਈ ਰਾਮ ਸਿੰਘ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਨਿਰਵੈਲ ਸਿੰਘ, ਇੰਚਾਰਜ ਸ਼ਾਹਬਾਜ਼ ਸਿੰਘ, ਵਰਿੰਦਰ ਸਿੰਘ ਠਰੂ, ਕਰਤਾਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਹਰਜਿੰਦਰ ਸਿੰਘ, ਬਿਕਰਮਜੀਤ ਸਿੰਘ ਝੰਗੀ ਆਦਿ ਹਾਜ਼ਰ ਸਨ।

Related posts

ਕੱਚੇ ਤੇਲ ਦੀਆਂ ਕੀਮਤਾਂ ‘ਚ ਇਤਿਹਾਸਕ ਗਿਰਾਵਟ, ਪਾਣੀ ਨਾਲੋਂ ਵੀ ਹੋਇਆ ਸਸਤਾ

On Punjab

Amritpal Singh ਦੇ ਕਰੀਬੀ ਕਲਸੀ ਦੇ ਖਾਤੇ ‘ਚ ਟਰਾਂਸਫਰ ਹੋਏ 35 ਕਰੋੜ

On Punjab

‘ਅਮਰੀਕਾ ਦੀਆਂ ਟੈਰਿਫ ਧਮਕੀਆਂ ਦੀ ਫਰਵਰੀ ’ਚ ਭਾਰਤੀ ਬਰਾਮਦਾਂ ਨੂੰ ਪਈ ਮਾਰ’

On Punjab