ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ। ਇਸੇ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਹਾਸਲ ਹੋਈਆਂ ਜਦਕਿ 146 ਵੋਟਾਂ ਪੋਲ ਹੋਈਆਂ। ਬਲਦੇਵ ਸਿੰਘ ਕਿਆਮਪੁਰੀ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਫਤਹਿਗੜ੍ਹ ਸਾਹਿਬ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣੇ। ਅੰਤ੍ਰਿੰਗ ਕਮੇਟੀ ‘ਚ ਕੁੱਲ 11 ਮੈਂਬਰ ਹੁੰਦੇ ਹਨ। ਵਿਰੋਧੀ ਧਿਰ ਦੇ ਤਿੰਨ ਮੈਂਬਰ ਅੰਤ੍ਰਿੰਗ ਕਮੇਟੀ ‘ਚ ਸ਼ਾਮਲ ਕੀਤੇ ਗਏ ਜਿਨ੍ਹਾਂ ਵਿਚ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਤੇ ਮਲਕੀਤ ਸਿੰਘ ਸ਼ਾਮਲ ਹਨ। 8 ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਹਨ ਜਿਨ੍ਹਾਂ ਵਿਚ ਮੋਹਨ ਸਿੰਘ, ਜਰਨੈਲ ਸਿੰਘ ਕਰਤਾਰਪੁਰ, ਸ਼ੇਰ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਤੁਗਲਵਾਲ, ਸਰਵਣ ਸਿੰਘ ਕੁਲਾਰ, ਗੁਰਨਾਮ ਸਿੰਘ ਜੱਸਲ ਤੇ ਪਰਮਜੀਤ ਸਿੰਘ ਖਾਲਸਾ ਸ਼ਾਮਲ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਪੰਥ ਲਈ ਲੜਦੀ ਰਹਾਂਗੀ
ਚੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਪੰਥ ‘ਚ ਹੀ ਰਹਾਂਗੀ ਤੇ ਪੰਥ ਲਈ ਲੜਦੀ ਰਹਾਂਗੀ। ਉਨ੍ਹਾਂ ਅਕਾਲੀ ਦਲ ’ਤੇ ਚੋਣਾਂ ‘ਚ ਧੱਕੇਸ਼ਾਹੀ ਦਾ ਵੀ ਦੋਸ਼ ਲਗਾਇਆ।
ਅਕਾਲੀ ਦਲ ਨੇ ਕਿਹਾ- ਇਹ ਪੰਥ ਦੀ ਜਿੱਤ
ਚੋਣ ਜਿੱਤਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਥ ਦੀ ਤਾਕਤ ਦੀ ਜਿੱਤ ਹੈ। ਤਿੰਨਾਂ ਸਰਕਾਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਿੱਖ ਮਸਲਿਆਂ ‘ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੇਂਦਰ ਸਰਕਾਰ, ਹਰਿਆਣਾ ਤੇ ਪੰਜਾਬ ਦੀਆਂ ਸਰਕਾਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ‘ਚ ਦਖਲ ਦੇ ਕੇ ਅਕਾਲੀ ਦਲ ਦੇ ਉਮੀਦਵਾਰ ਨੂੰ ਹਰਾਉਣ ਲਈ ਆਪਣੀ ਸਾਰੀ ਤਾਕਤ ਲਗਾ ਦਿੱਤੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਇਜਲਾਸ ਸ਼ੁਰੂ ਹੋਣ ‘ਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼ੋਕ ਮਤੇ ਪੜ੍ਹੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਉਮੀਦਵਾਰ ਲਈ ਬੀਬੀ ਜਗੀਰ ਕੌਰ ਦਾ ਨਾਂ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਤੇ ਜਸਵੰਤ ਸਿੰਘ ਪੁਡ਼ੈਣ ਨੇ ਤਾਈਦ ਮਜੀਦ ਕੀਤੀ। ਇਸੇ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ ਅਤੇ ਨਵਤੇਜ ਸਿੰਘ ਕਾਉਣੀ ਨੇ ਤਾਈਦ ਮਜੀਦ ਕੀਤੀ। ਪੋਲਿੰਗ ਏਜੰਟ ਨਿਯੁਕਤ ਕਰ ਕੇ ਬੈਲਟ ਪੇਪਰਾਂ ਰਾਹੀਂ ਵੋਟ ਪ੍ਰਕਿਰਿਆ ਸ਼ੁਰੂ ਕੀਤੀ ਗਈ। 157 ‘ਚੋਂ 151 ਮੈਂਬਰ ਹਾਜ਼ਰ ਹੋਏ।
ਸਾਲ ਵਿੱਚ ਦੋ ਵਾਰ ਜਨਰਲ ਇਲਾਸ
ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਲ ਵਿਚ ਦੋ ਵਾਰ ਜਨਰਲ ਹਾਊਸ ‘ਚ ਮਿਲਦੇ ਹਨ। ਮਾਰਚ ਮਹੀਨੇ ਬਜਟ ਮੀਟਿੰਗ ਬੁਲਾਈ ਜਾਂਦੀ ਹੈ ਤੇ ਪ੍ਰਧਾਨ ਦੀ ਚੋਣ ਨਵੰਬਰ ‘ਚ ਹੁੰਦੀ ਹੈ। ਇਸ ਤੋਂ ਇਲਾਵਾ ਦੋਵਾਂ ਸੈਸ਼ਨਾਂ ‘ਚ ਸਮਾਜ ਨਾਲ ਸਬੰਧਤ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ ਤੇ ਇੱਕ ਸਾਂਝੀ ਰਾਏ ਬਣਾਈ ਜਾਂਦੀ ਹੈ।