ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਦੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਯੂ-ਟਿਊਬ ਦੇ ਨਾਲ ਪੀਟੀਸੀ ਚੈਨਲ (PTC Channel) ਰਾਹੀਂ ਵੀ ਨਿਰਵਿਘਨ ਗੁਰਬਾਣੀ ਪ੍ਰਸਾਰਣ (Gurbani Broadcast) ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਭਾਈ ਗੁਰਚਰਨ ਸਿੰਘ ਗਰੇਵਾਲ ਨਾ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਅਤੇ ਸਬ-ਕਮੇਟੀ ਨੇ ਜਥੇਦਾਰ ਵੱਲੋਂ ਭੇਜੇ ਪੱਤਰ ਨੂੰ ਵਿਚਾਰਨ ਤੋਂ ਬਾਅਦ ਪੀਟੀਸੀ ਦੀ ਸੇਵਾਵਾਂ ਜਦੋਂ ਤਕ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸਥਾਪਿਤ ਨਹੀਂ ਕਰ ਲੈਂਦੀ, ਉਸ ਸਮੇਂ ਤਕ ਜਾਰੀ ਰੱਖੇਗੀ।
ਉਨ੍ਹਾਂ ਕਿਹਾ ਕਿ ਜਥੇਦਾਰ ਨੇ ਲਿਖਿਆ ਹੈ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੇ। ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਬੜੀ ਖੁਸ਼ੀ ਦੀ ਗੱਲ ਹੈ ਪਰੰਤੂ ਸੰਗਤਾਂ ਵੱਲੋਂ ਫੋਨ ਅਤੇ ਸ਼ੋਸ਼ਲ ਮੀਡੀਆ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਯੂ-ਟਿਊਬ ਰਾਹੀਂ ਸਾਰੀਆਂ ਸੰਗਤਾਂ ਦਰਸ਼ਨ ਦੀਦਾਰ ਅਤੇ ਕੀਰਤਨ ਸਰਵਣ ਨਹੀਂ ਕਰ ਸਕਣਗੀਆਂ ਕਿਉਂਕਿ ਸਭ ਜਗਾ ਇੰਟਰਨੈੱਟ ਦੀ ਸਹੂਲਤ ਨਹੀਂ ਹੈ।ਬਹੁਤ ਸਾਰੀ ਸੰਗਤ ਅਜਿਹੀ ਹੈ ਜਿਸ ਕੋਲ ਨਾ ਤਾਂ ਸਮਾਰਟ ਫੋਨ ਹੈ ਅਤੇ ਨਾ ਹੀ ਸਮਾਰਟ ਟੀਵੀ।ਜਿਸ ਕਰਕੇ ਬਹੁਤਾਤ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨ, ਕੀਰਤਨ, ਗੁਰਬਾਣੀ ਦਾ ਪਾਠ ਆਦਿ ਤੋਂ ਵਾਂਝੀਆਂ ਰਹਿ ਜਾਣਗੀਆਂ।
ਇਸ ਲਈ ਸਿੰਘ ਸਾਹਿਬ ਜੀ ਨੇ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਯੂ-ਟਿਊਬ ਚੈਨਲ ਦੇ ਨਾਲ-ਨਾਲ ਕਿਸੇ ਚੈਨਲ ਰਾਹੀਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਨਿਰਵਿਘਨ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਕੀਰਤਨ ਸਰਵਣ ਕਰਨ ਅਤੇ ਦਰਸ਼ਨ ਦੀਦਾਰ ਕਰਨ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਜਥੇਦਾਰ ਦੇ ਆਦੇਸ਼ ਦੀ ਪਾਲਣਾ ਕੀਤੀ ਜਾਵੇਗੀ।