ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਧਮਕੀ 14 ਸਾਲਾਂ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ ਸੀ , ਜਿਸ ਦਾ ਜਾਂਚ ‘ਚ ਖ਼ੁਲਾਸਾ ਹੋਇਆ ਹੈ।
ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿ ਦੇ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਸੂਤਰਾਂ ਮੁਤਾਬਿਕ ‘ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪਾਕਿਸਤਾਨੀ ਨੰਬਰ ਤੋਂ ਧਮਕੀ ਮਿਲੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੂਸੇਵਾਲਾ ਕੋਲ ਪਹੁੰਚਾਉਣ ਦੀ ਗੱਲ ਕਹੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ। ਪੁਲਿਸ ਨੇ ਜਿਸ ਦੇ ਲਈ ਜਾਂਚ ਸ਼ੁਰੂ ਕਰ ਦਿੱਤੀ ਸੀ।
ਓਧਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਵੱਲੋਂ ਕਿਹਾ ਗਿਆ ਕਿ ‘ਮਾਰਚ ਵਿੱਚ ਇਸ ਲਈ ਬਰਸੀ ਮਨਾਈ ਜਾ ਰਹੀ ਹੈ ਕਿਉਂਕਿ ਸਿੱਧੂ ਦੀ ਪਹਿਲੀ ਬਰਸੀ ਮੌਕੇ ਭਾਰੀ ਇਕੱਠ ਹੋਵੇਗਾ, ਇਸ ਕਰਕੇ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ’। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਰਹੂਮ ਪੰਜਾਬੀ ਗਾਇਕ ਦੀ ਪਹਿਲੀ ਬਰਸੀ ਨੂੰ ਲੈ ਕੇ ਐਲਾਨ ਕੀਤਾ ਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ।
ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ। ਇਸਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ ‘ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ।