ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਸ਼ਾ ਤਸਕਰੀ ਦੇ ਦੋਸ਼ੀ ਐੱਸਐੱਸਪੀ ਰਾਜਜੀਤ ਸਿੰਘ ਹੁੰਦਲ ਨੂੰ ਅੰਤ੍ਰਿਮ ਰਾਹਤ ਦਿੰਦਿਆਂ ਉਸ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ‘ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁੰਦਲ ਨੂੰ ਕਿਹਾ, ਪਹਿਲਾਂ ਅਗਾਊਂ ਜ਼ਮਾਨਤ ਦਾਇਰ ਕਰੋ, ਹੋਰ ਵਿਸ਼ਿਆਂ ‘ਤੇ ਕੋਰਟ ਬਾਅਦ ‘ਚ ਸੁਣਵਾਈ ਕਰੇਗੀ।
ਹੁੰਦਲ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਦਿਆਂ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਪਟੀਸ਼ਨ ‘ਤੇ ਸਵਾਲ ਉਠਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਅਗਾਊਂ ਜ਼ਮਾਨਤ ਦੀ ਮੰਗ ਲਈ ਸਿੱਧੇ ਤੌਰ ‘ਤੇ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਸਿੰਘ ਨੇ ਕਿਹਾ ਕਿ ਉਸ ਖਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ। ਉਸ ਨੂੰ ਬਰਖਾਸਤ ਕਰਨ ਦੇ ਹੁਕਮ ਵੀ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਜਾਰੀ ਕੀਤੇ ਗਏ ਹਨ।
ਪਟੀਸ਼ਨਕਰਤਾ ਨੂੰ ਭਗੌੜਾ ਐਲਾਣਨ ਦੀ ਪ੍ਰਕਿਰਿਆ ਤੇ ਉਸ ਖਿਲਾਫ਼ ਲੁੱਕ ਆਊਟ ਨੋਟਿਸ ਵੀ ਨਿਰਧਾਰਤ ਪ੍ਰਕਿਰਿਆ ਦੇ ਉਲਟ ਜਾਰੀ ਕੀਤਾ ਗਿਆ ਹੈ। ਪਟੀਸ਼ਨਰ ਨੇ ਹਾਈ ਕੋਰਟ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਅਪੀਲ ਕੀਤੀ ਹੈ। ਹਾਈ ਕੋਰਟ ਨੇ ਇਸ ‘ਤੇ ਪਟੀਸ਼ਨ ਦੇ ਸਹੀ ਹੋਣ ‘ਤੇ ਸਵਾਲ ਖੜ੍ਹੇ ਕੀਤੇ ਹਨ।